ਪੰਜਾਬ ਕਾਂਗਰਸ ‘ਚ ਲੀਡਰਸ਼ਿਪ ਨੂੰ ਲੈ ਕੇ ਚਰਚਾਵਾਂ ਦਾ ਦੌਰ ਜਾਰੀ! ਕੌਣ ਦੇਵੇਗਾ ਅਸਤੀਫਾ? ਕੀ ਹਾਈਕਮਾਂਡ ਰੋਕੇਗੀ ਵਿਗੜਦੀ ਸਥਿਤੀ!
ਚੰਡੀਗੜ੍ਹ, 15 ਜੁਲਾਈ 2026
ਪੰਜਾਬ ਕਾਂਗਰਸ ਦੇ ਅੰਦਰੂਨੀ ਹਾਲਾਤ ਪਿਛਲੇ ਕੁਝ ਦਿਨਾਂ ਤੋਂ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਕਾਂਗਰਸ ਪਾਰਟੀ ਦੇ ਇਸ ਕਲੇਸ਼ ਦੇ ਵਿਚਾਲੇ ਮੀਡੀਆ ਵਿੱਚ ਚਰਚਾਵਾਂ ਇਹ ਵੀ ਹਨ ਕਿ ਪੰਜਾਬ ਕਾਂਗਰਸ ਦਾ ਇਕ ਸੀਨੀਅਰ ਲੀਡਰ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦਾ ਹੈ। ਹਾਲਾਂਕਿ ਹਾਈਕਮਾਂਡ ਨੇ ਅਸਤੀਫੇ ਦੀਆਂ ਚਰਚਾਵਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਚੰਨੀ ਅਤੇ ਵੜਿੰਗ ਧੜੇ ਵਿਚਾਲੇ ਚੱਲ ਰਹੀ ਸ਼ਬਦੀ ਜੰਗ ਕੋਈ ਵੀ ਮੋੜ ਲੈ ਸਕਦੀ ਹੈ। ਜਦੋਂ ਕਿ ਹਾਈਕਮਾਂਡ ਇਸ ਵੇਲੇ ਪੰਜਾਬ ਕਾਂਗਰਸ ਵਿੱਚ “ਸਭ ਕੁਝ ਠੀਕ ਹੈ” ਕਰਨ ਵਿੱਚ ਲੱਗੀ ਹੋਈ ਹੈ।
ਦੂਜੇ ਪਾਸੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਵੱਲੋਂ ਦਿੱਲੀ ਵਿੱਚ ਮੀਟਿੰਗਾਂ ਕਰਨ ਤੋਂ ਬਾਅਦ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੁਰਸੀ ਨੂੰ ਲੈ ਕੇ ਕਿਆਸਰਾਈਆਂ ਦਾ ਦੌਰ ਸ਼ੁਰੂ ਹੋ ਗਿਆ ਸੀ। ਹਾਲਾਂਕਿ, ਇਨ੍ਹਾਂ ਚਰਚਾਵਾਂ ਦੇ ਵਿਚਕਾਰ ਪਾਰਟੀ ਹਾਈਕਮਾਂਡ ਨੇ ਆਪਣਾ ਰੁਖ਼ ਸਾਫ਼ ਕਰ ਦਿੱਤਾ ਹੈ।
ਭੁਪੇਸ਼ ਬਘੇਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਫਿਲਹਾਲ ਕੋਈ ਤਬਦੀਲੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣੇ ਰਹਿਣਗੇ। ਬਘੇਲ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਬਦਲਣਾ ਕੋਈ ਮਾਮੂਲੀ ਗੱਲ ਨਹੀਂ ਹੈ ਅਤੇ ਹਾਈਕਮਾਂਡ ਆਪਣੇ ਫੈਸਲੇ ‘ਤੇ ਅਟੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਰਾਜਾ ਵੜਿੰਗ ਦੀ ਅਗਵਾਈ ਹੇਠ ਹੀ ਲੜੇਗੀ।
ਦੂਜੇ ਪਾਸੇ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਗਾਤਾਰ ਲੀਡਰਸ਼ਿਪ ਬਦਲਣ ਦੀ ਮੰਗ ਉਠਾਈ ਜਾ ਰਹੀ ਹੈ। ਪਾਰਟੀ ਦੀ ਰਿਪੋਰਟ ਮੁਤਾਬਕ, ਜਿੱਥੇ ਜ਼ਿਲ੍ਹਾ ਪੱਧਰੀ ਆਗੂਆਂ ਦਾ ਵੱਡਾ ਹਿੱਸਾ ਰਾਜਾ ਵੜਿੰਗ ਦੇ ਹੱਕ ਵਿੱਚ ਖੜ੍ਹਾ ਦਿਖਾਈ ਦਿੰਦਾ ਹੈ, ਉੱਥੇ ਹੀ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਦੀ ਗਿਣਤੀ ਵੀ ਘੱਟ ਨਹੀਂ ਹੈ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਜੇਕਰ ਇਸ ਧੜੇ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ।
ਇਸ ਸਭ ਦੇ ਬਾਵਜੂਦ, ਕਾਂਗਰਸ ਹਾਈਕਮਾਂਡ ਰਾਜਾ ਵੜਿੰਗ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਜ਼ਰ ਆ ਰਹੀ ਹੈ, ਖਾਸ ਕਰਕੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਬਿਹਤਰ ਪ੍ਰਦਰਸ਼ਨ ਤੋਂ ਬਾਅਦ। ਉਧਰ, ਪੰਜਾਬ ਦੀ ਸਿਆਸਤ ਵਿੱਚ ਕਿਸੇ ‘ਹਿੰਦੂ ਚਿਹਰੇ’ ਨੂੰ ਪ੍ਰਧਾਨ ਬਣਾਉਣ ਦੀ ਚਰਚਾ ਵੀ ਸਮੇਂ-ਸਮੇਂ ‘ਤੇ ਉੱਠਦੀ ਰਹਿੰਦੀ ਹੈ, ਜਿਸ ਨੂੰ ਪਾਰਟੀ ਨੇ ਫਿਲਹਾਲ ਸਿਰੇ ਤੋਂ ਖਾਰਜ ਕੀਤਾ ਹੈ।
ਭੁਪੇਸ਼ ਬਘੇਲ ਨੇ ਨਾਰਾਜ਼ ਆਗੂਆਂ ਨੂੰ ਮਨਾਉਣ ਲਈ ‘ਲੰਚ ਡਿਪਲੋਮੇਸੀ’ ਦਾ ਰਾਹ ਵੀ ਅਖ਼ਤਿਆਰ ਕੀਤਾ, ਪਰ ਚੰਨੀ ਧੜੇ ਦੀ ਗੈਰ-ਹਾਜ਼ਰੀ ਨੇ ਪਾਰਟੀ ਦੀ ਅੰਦਰੂਨੀ ਕਲੇਸ਼ ਦੀ ਤਸਵੀਰ ਨੂੰ ਮੁੜ ਉਜਾਗਰ ਕਰ ਦਿੱਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਹਾਈਕਮਾਂਡ ਚੋਣਾਂ ਤੋਂ ਪਹਿਲਾਂ ਇਨ੍ਹਾਂ ਵੱਖ-ਵੱਖ ਧੜਿਆਂ ਨੂੰ ਇੱਕਜੁੱਟ ਕਰ ਪਾਉਂਦੀ ਹੈ ਜਾਂ ਨਹੀਂ।



