ਬਰਸਾਤੀ ਮੌਸਮ ਅਤੇ ਹੜ੍ਹਾਂ ਦੌਰਾਨ ਬਿਮਾਰੀਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

Top Trending News ਚੰਡੀਗੜ੍ਹ ਪੰਜਾਬ

 

ਬਰਸਾਤੀ ਮੌਸਮ ਅਤੇ ਹੜ੍ਹਾਂ ਦੌਰਾਨ ਬਿਮਾਰੀਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਡਾ. ਬਲਬੀਰ ਸਿੰਘ

ਚੰਡੀਗੜ੍ਹ, 17 ਜੁਲਾਈ 2026

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਹੜ੍ਹਾਂ ਅਤੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਪੈਦਾ ਹੋਣ ਵਾਲੇ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਅਤੇ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਭਰ ਵਿੱਚ ਬਿਮਾਰੀਆਂ ਦੀ ਰੋਕਥਾਮ ਲਈ 881 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਡੇਂਗੂ ਵਰਗੀਆਂ ਬਿਮਾਰੀਆਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਤੌਰ ‘ਤੇ 1200 ਬੈੱਡ ਰਾਖਵੇਂ ਕੀਤੇ ਗਏ ਹਨ। ਨਾਲ ਹੀ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਲਈ ਟੈਸਟਿੰਗ ਸਮਰੱਥਾ ਵਿੱਚ 10 ਗੁਣਾ ਵਾਧਾ ਕੀਤਾ ਗਿਆ ਹੈ। ਹਸਪਤਾਲਾਂ ਵਿੱਚ 85 ਜ਼ਰੂਰੀ ਦਵਾਈਆਂ ਦਾ ਲੋੜੀਂਦਾ ਸਟਾਕ ਵੀ ਯਕੀਨੀ ਬਣਾਇਆ ਗਿਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ‘ਆਮ ਆਦਮੀ ਕਲੀਨਿਕਾਂ’ ਵਿੱਚ ਹੁਣ ਤੱਕ 30,000 ਤੋਂ ਵੱਧ ਟੈਸਟ ਸਫਲਤਾਪੂਰਵਕ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ, ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ 2300 ਸਾਂਝੀਆਂ ਟੀਮਾਂ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀਆਂ ਹਨ ਅਤੇ ਜ਼ਿਲ੍ਹਾ ਪੱਧਰੀ ਟਾਸਕ ਫੋਰਸਾਂ ਰਾਹੀਂ ਇਸ ਸਾਰੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਦੀ ਸੰਭਾਵਿਤ ਪੰਜਾਬ ਫੇਰੀ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਉਮੀਦ ਜਤਾਈ ਕਿ ਸੂਬੇ ਨੂੰ ਵਿਸ਼ੇਸ਼ ਸਿਹਤ ਫੰਡ ਮਿਲਣਗੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨਾਲ ਵਿਤਕਰਾ ਬੰਦ ਕਰੇ। ਡਾ. ਸਿੰਘ ਨੇ ਮੰਗ ਕੀਤੀ ਕਿ ਕੇਂਦਰ ਨੂੰ ਪਿਛਲੇ ਸਾਲ ਦੇ ਹੜ੍ਹ ਪੀੜਤਾਂ ਲਈ ਐਲਾਨੀ ਰਾਸ਼ੀ, ਰੋਕੇ ਹੋਏ ਦਿਹਾਤੀ ਵਿਕਾਸ ਫੰਡ (RDF) ਅਤੇ ਸਿਹਤ ਮੰਤਰਾਲੇ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਸੀਲਿਆਂ ਨਾਲ ਸੂਬਾ ਵਾਸੀਆਂ ਦੀ ਸਿਹਤ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਕੇਂਦਰ ਵੱਲੋਂ ਫੰਡਾਂ ਦੀ ਮਿਲ ਰਹੀ ਦੇਰੀ ਵਿਕਾਸ ਕਾਰਜਾਂ ਵਿੱਚ ਰੁਕਾਵਟ ਬਣ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।