ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ; 22 ਜੁਲਾਈ ਨੂੰ ਟੋਲ ਪਲਾਜ਼ੇ ਕੀਤੇ ਜਾਣਗੇ Free
ਲੁਧਿਆਣਾ 18 ਜੁਲਾਈ 2026
ਸੰਯੁਕਤ ਕਿਸਾਨ ਮੋਰਚਾ (ਜ਼ਿਲ੍ਹਾ ਲੁਧਿਆਣਾ) ਵੱਲੋਂ ਆਪਣੀਆਂ ਹੱਕੀ ਮੰਗਾਂ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ-ਮਾਰੂ ਨੀਤੀਆਂ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਲਿਆ ਗਿਆ ਹੈ। ਅੱਜ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪਵਨਦੀਪ ਸਿੰਘ ਮੇਹਲੋਂ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ਦੌਰਾਨ 22 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਦੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।
ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਟੋਲ ਪਲਾਜ਼ਿਆਂ ਨੂੰ ਟ੍ਰੈਫਿਕ ਲਈ ਮੁਫ਼ਤ ਕੀਤਾ ਜਾਵੇਗਾ। ਲੁਧਿਆਣਾ ਜ਼ਿਲ੍ਹੇ ਦੇ ਤਿੰਨ ਪ੍ਰਮੁੱਖ ਟੋਲ ਪਲਾਜ਼ੇ ਲਾਡੋਵਾਲ, ਘੁਲਾਲ ਅਤੇ ਚੌਂਕੀਮਾਨ ਇਸ ਸੰਘਰਸ਼ ਦਾ ਮੁੱਖ ਕੇਂਦਰ ਹੋਣਗੇ, ਜਿੱਥੇ ਕਿਸਾਨ ਆਗੂ ਅਤੇ ਵਰਕਰ ਡਟ ਕੇ ਪ੍ਰਦਰਸ਼ਨ ਕਰਨਗੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਅਤੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ-ਪੱਖੀ ਨੀਤੀਆਂ ਦੇ ਵਿਰੋਧ ਵਿੱਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲਗਾਤਾਰ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਵਿਰੋਧੀ ਬਿੱਲ ਲਿਆ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਮੌਜੂਦ ਸਨ, ਜਿਨ੍ਹਾਂ ਵਿੱਚ ਜਮਹੂਰੀ ਕਿਸਾਨ ਸਭਾ ਦੇ ਹਰਨੇਕ ਸਿੰਘ ਗੁੱਜਰਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਸੁਦਾਗਰ ਸਿੰਘ ਘੁਡਾਣੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਰਜਿੰਦਰ ਸਿੰਘ ਤੇ ਸੁਖਵਿੰਦਰ ਕੌਰ, ਅਤੇ ਕੁੱਲ ਹਿੰਦ ਕਿਸਾਨ ਸਭਾ 1936 ਦੇ ਆਗੂ ਜਸਬੀਰ ਸਿੰਘ ਝੱਜ ਤੇ ਮਨਜੀਤ ਸਿੰਘ ਬੁਢੇਲ ਸਮੇਤ ਕਈ ਹੋਰ ਆਗੂ ਸ਼ਾਮਲ ਸਨ। ਕਿਸਾਨ ਆਗੂਆਂ ਨੇ ਸਮੂਹ ਵਰਕਰਾਂ ਨੂੰ 22 ਜੁਲਾਈ ਨੂੰ ਨਿਰਧਾਰਿਤ ਟੋਲ ਪਲਾਜ਼ਿਆਂ ‘ਤੇ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।



