ਪੰਜਾਬ ਭਰ ‘ਚ ਕਿਸਾਨ 22 ਜੁਲਾਈ ਨੂੰ ਕਰਨਗੇ ਵੱਡਾ ਪ੍ਰਦਰਸ਼ਨ!
22 ਜੁਲਾਈ ਦੇ ਧਰਨੇ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰੇਗੀ ਕਿਰਤੀ ਕਿਸਾਨ ਯੂਨੀਅਨ
ਤਰਨਤਾਰਨ, 19 ਜੁਲਾਈ 2026- ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨਤਾਰਨ ਦੀ ਅਹਿਮ ਮੀਟਿੰਗ ਪਿੰਡ ਸਖੀਰਾ ਸਥਿਤ ਗੁਰਦੁਆਰਾ ਸਾਹਿਬ ਮਾਈ ਦਾਸ ਵਿਖੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਅਹੁਦੇਦਾਰਾਂ, ਪਿੰਡ ਇਕਾਈਆਂ ਦੇ ਨੁਮਾਇੰਦਿਆਂ ਅਤੇ ਕਿਸਾਨ ਆਗੂਆਂ ਨੇ ਹਿੱਸਾ ਲਿਆ। ਇਸ ਦੌਰਾਨ ਦੇਸ਼ ਅਤੇ ਪੰਜਾਬ ਦੇ ਕਿਸਾਨਾਂ ਸਾਹਮਣੇ ਖੜ੍ਹੀਆਂ ਚੁਣੌਤੀਆਂ, ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਭਵਿੱਖ ਦੀ ਸੰਘਰਸ਼ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਜਪਾ ਦੇ ਸਥਾਨਕ ਆਗੂ ਹਰਜੀਤ ਸਿੰਘ ਦੀ ਤਰਨਤਾਰਨ ਸਥਿਤ ਰਿਹਾਇਸ਼ ਅੱਗੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਪੰਨੂ ਅਤੇ ਜ਼ਿਲ੍ਹਾ ਸਕੱਤਰ ਸਤਪਾਲ ਸਿੰਘ ਨੱਥੋਕੇ ਨੇ ਕਿਹਾ ਕਿ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤਾ ਦੇਸ਼ ਦੀ ਖੇਤੀਬਾੜੀ, ਸਰਕਾਰੀ ਮੰਡੀ ਪ੍ਰਣਾਲੀ ਅਤੇ ਖੁਰਾਕੀ ਸੁਰੱਖਿਆ ਲਈ ਗੰਭੀਰ ਖਤਰਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਇਸ ਸਮਝੌਤੇ ਦਾ ਮਕਸਦ ਵਿਦੇਸ਼ੀ ਅਤੇ ਕਾਰਪੋਰੇਟ ਹਿੱਤਾਂ ਨੂੰ ਲਾਭ ਪਹੁੰਚਾਉਣਾ ਹੈ, ਜਿਸ ਨਾਲ ਭਾਰਤ ਦੇ ਕਰੋੜਾਂ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਵੇਗੀ। ਆਗੂਆਂ ਨੇ ਕਿਹਾ ਕਿ ਜੇ ਇਹ ਸਮਝੌਤਾ ਲਾਗੂ ਹੋਇਆ ਤਾਂ ਸਰਕਾਰੀ ਖਰੀਦ, ਘੱਟੋ-ਘੱਟ ਸਮਰਥਨ ਮੁੱਲ (ਐਮਐੱਸਪੀ) ਅਤੇ ਮੰਡੀ ਪ੍ਰਣਾਲੀ ਨੂੰ ਵੱਡਾ ਝਟਕਾ ਲੱਗੇਗਾ, ਜਿਸ ਨਾਲ ਕਿਸਾਨ ਹੋਰ ਆਰਥਿਕ ਸੰਕਟ ਵਿੱਚ ਫਸ ਜਾਣਗੇ।
ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਹ ਨੀਤੀ ਕਿਸਾਨਾਂ ਦੀ ਜ਼ਮੀਨ ’ਤੇ ਕਾਰਪੋਰੇਟ ਕੰਪਨੀਆਂ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਇਸ ਨੀਤੀ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸੂਬੇ ਦੇ ਦਰਿਆਈ ਪਾਣੀਆਂ ਅਤੇ ਸੰਵਿਧਾਨਕ ਹੱਕਾਂ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਗਿਆ। ਇੱਕ ਹੋਰ ਮਤੇ ਰਾਹੀਂ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਮਾਲਕੀ ਬਦਲਣ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਕੇ ਸਹਿਕਾਰੀ ਖੰਡ ਮਿੱਲ ਸ਼ੇਰੋਂ ਨੂੰ ਮੁੜ ਚਾਲੂ ਕਰਵਾਇਆ ਜਾਵੇ।



