ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

Top Trending News ਪੰਜਾਬ

 

ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ‘ਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ- ਹਰਪਾਲ ਚੀਮਾ

Punjab News, 19 ਜੁਲਾਈ 2026-

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਦੌਰੇ ਤੋਂ ਕਾਫ਼ੀ ਉਮੀਦਾਂ ਸਨ, ਪਰ ਪ੍ਰਧਾਨ ਮੰਤਰੀ ਦੇ ਭਾਸ਼ਣ ਨੇ ਉਨ੍ਹਾਂ ਉਮੀਦਾਂ ਨੂੰ ਨਿਰਾਸ਼ਾ ਵਿੱਚ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਭਾਸ਼ਣ ਤੋਂ ਇਹ ਪ੍ਰਭਾਵ ਮਿਲਿਆ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਲੋਕਾਂ ਦੇ ਅਸਲ ਮੁੱਦਿਆਂ ‘ਤੇ ਗੱਲ ਕਰਨ ਦੀ ਬਜਾਏ ਸਿਰਫ਼ ਭਾਰਤੀ ਜਨਤਾ ਪਾਰਟੀ ਦਾ ਰਾਜਨੀਤਿਕ ਏਜੰਡਾ ਪੇਸ਼ ਕਰਨ ਆਏ ਸਨ।

ਚੀਮਾ ਨੇ ਦੋਸ਼ ਲਾਇਆ ਕਿ ਭਾਸ਼ਣ ਦੌਰਾਨ ਸਮਾਜ ਵਿੱਚ ਨਫ਼ਰਤ ਅਤੇ ਵੰਡ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਸ ਵਿੱਚ ਵੰਡ ਕੇ ਸਿਆਸੀ ਲਾਭ ਹਾਸਲ ਕਰਨਾ ਹੈ, ਜਦਕਿ ਪੰਜਾਬ ਦੇ ਲੋਕ ਵਿਕਾਸ, ਭਾਈਚਾਰੇ ਅਤੇ ਆਪਣੇ ਹੱਕਾਂ ਨਾਲ ਜੁੜੇ ਮੁੱਦਿਆਂ ‘ਤੇ ਜਵਾਬ ਚਾਹੁੰਦੇ ਸਨ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਆਪਣੇ ਦੌਰੇ ਦੌਰਾਨ ਕੇਂਦਰ ਸਰਕਾਰ ਵੱਲੋਂ ਰਾਜ ਦਾ ਬਕਾਇਆ ਪਿਆ ਪੇਂਡੂ ਵਿਕਾਸ ਫੰਡ (ਆਰਡੀਐਫ), ਹੜ੍ਹਾਂ ਦੌਰਾਨ ਐਲਾਨੀ ਗਈ ਵਿੱਤੀ ਸਹਾਇਤਾ ਅਤੇ ਹੋਰ ਲੰਬੇ ਸਮੇਂ ਤੋਂ ਬਕਾਇਆ ਰਾਸ਼ੀ ਜਾਰੀ ਕਰਨ ਬਾਰੇ ਕੋਈ ਐਲਾਨ ਕਰਨਗੇ। ਪਰ ਉਨ੍ਹਾਂ ਦੇ ਭਾਸ਼ਣ ਵਿੱਚ ਇਨ੍ਹਾਂ ਮਹੱਤਵਪੂਰਨ ਮਸਲਿਆਂ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਚੀਮਾ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਵਿੱਤੀ ਮੰਗਾਂ ‘ਤੇ ਚੁੱਪੀ ਸਾਧਣ ਕਾਰਨ ਇਹ ਦੌਰਾ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਿਆ ਅਤੇ ਸਿਰਫ਼ ਇੱਕ ਚੋਣੀ ਸਟੰਟ ਬਣ ਕੇ ਰਹਿ ਗਿਆ।

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਭਾਜਪਾ ਨੇ ਰਾਮ ਮੰਦਰ ਦੇ ਮੁੱਦੇ ਨੂੰ ਆਧਾਰ ਬਣਾ ਕੇ ਦੇਸ਼ ਵਿੱਚ ਸਿਆਸੀ ਸਮਰਥਨ ਹਾਸਲ ਕੀਤਾ ਸੀ, ਪਰ ਬਾਅਦ ਵਿੱਚ ਮੰਦਰ ਵਿੱਚੋਂ ਚੜ੍ਹਾਵਾ ਚੋਰੀ ਹੋਣ ਵਰਗੀਆਂ ਘਟਨਾਵਾਂ ਨੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਸ ਸੰਵੇਦਨਸ਼ੀਲ ਮਾਮਲੇ ‘ਤੇ ਵੀ ਪ੍ਰਧਾਨ ਮੰਤਰੀ ਵੱਲੋਂ ਕੋਈ ਪ੍ਰਤੀਕਿਰਿਆ ਨਾ ਦੇਣਾ ਕਈ ਸਵਾਲ ਖੜ੍ਹੇ ਕਰਦਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਵਾਅਦਿਆਂ ਦੀ ਬਜਾਏ ਆਪਣੇ ਹੱਕਾਂ ਅਤੇ ਵਿਕਾਸ ਨਾਲ ਜੁੜੇ ਠੋਸ ਫ਼ੈਸਲਿਆਂ ਦੀ ਉਮੀਦ ਕਰਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।