SIT ਸਾਹਮਣੇ ਪੇਸ਼ ਹੋਏ Sukhbir Badal; ਕਿਹਾ- ਜਿੰਨੀ ਵਾਰ ਮਰਜ਼ੀ ਬੁਲਾਓ, ਮੈਂ ਤਿਆਰ ਹਾਂ
ਚੰਡੀਗੜ੍ਹ, 20 ਜੁਲਾਈ 2026– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਅੱਜ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਏ। ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇ ਰਹੇ ਹਨ ਅਤੇ ਜਿੰਨੀ ਵਾਰ ਵੀ ਐਸਆਈਟੀ ਉਨ੍ਹਾਂ ਨੂੰ ਬੁਲਾਏਗੀ, ਉਹ ਪੇਸ਼ ਹੋਣ ਲਈ ਤਿਆਰ ਹਨ।
ਸੁਖਬੀਰ ਬਾਦਲ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਚੌਥੀ ਪੇਸ਼ੀ ਹੈ ਅਤੇ ਹਰ ਵਾਰ ਉਹ ਸਮੇਂ ਸਿਰ ਜਾਂਚ ਟੀਮ ਸਾਹਮਣੇ ਹਾਜ਼ਰ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਜਾਂਚ ਤੋਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ, ਪਰ ਜਾਂਚ ਦਾ ਮਕਸਦ ਅਸਲ ਦੋਸ਼ੀਆਂ ਨੂੰ ਫੜਨਾ ਹੋਣਾ ਚਾਹੀਦਾ ਹੈ, ਨਾ ਕਿ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣਾ।
ਉਨ੍ਹਾਂ ਦੋਸ਼ ਲਗਾਇਆ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ 11 ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਦੌਰਾਨ ਵੀ ਜਾਂਚ ਪੂਰੀ ਨਹੀਂ ਹੋ ਸਕੀ। ਉਨ੍ਹਾਂ ਦੇ ਅਨੁਸਾਰ, ਜੇ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਦੋਸ਼ੀਆਂ ਨੂੰ ਕਾਫ਼ੀ ਪਹਿਲਾਂ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾ ਸਕਦਾ ਸੀ।
ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਐਸਆਈਟੀ ਦਾ ਇਸਤੇਮਾਲ ਸਿਆਸੀ ਲੜਾਈ ਲੜਨ ਅਤੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੈ ਅਤੇ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਅਜਿਹੇ ਕਦਮ ਚੁੱਕ ਰਹੀ ਹੈ।
ਉਨ੍ਹਾਂ ਮੁੱਖ ਮੰਤਰੀ ‘ਤੇ ਵੀ ਤਿੱਖੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੂੰ ਬੇਅਦਬੀ ਮਾਮਲਿਆਂ ਦੇ ਅਸਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ‘ਤੇ ਧਿਆਨ ਦੇਣਾ ਚਾਹੀਦਾ ਹੈ। ਬਾਦਲ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਬੇਅਦਬੀ ਦੇ ਹਰ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇ। ਉਨ੍ਹਾਂ ਇਹ ਵੀ ਦੋਹਰਾਇਆ ਕਿ ਉਹ ਹਰ ਤਰ੍ਹਾਂ ਦੀ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹਨ।



