ਪੰਜਾਬ ਦੇ ਸੈਂਕੜੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਹਟਾਉਣ ਦੇ ਹੁਕਮ! ਕਰਮਚਾਰੀਆਂ ‘ਚ ਭਾਰੀ ਰੋਸ
ਗੁਰਦਾਸਪੁਰ, 20 ਜੁਲਾਈ 2026
ਜ਼ਿਲ੍ਹਾ ਗੁਰਦਾਸਪੁਰ ਵਿੱਚ ਮਨਰੇਗਾ ਕਰਮਚਾਰੀਆਂ ਦਾ ਸੰਘਰਸ਼ ਦਿਨੋ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਪੰਚਾਇਤ ਭਵਨ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀਆਂ ‘ਮਾਰੂ ਨੀਤੀਆਂ’ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕਰਮਚਾਰੀਆਂ ਵਿੱਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਉਨ੍ਹਾਂ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਨੇ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਨ੍ਹਾਂ ਮੁਲਾਜ਼ਮਾਂ ਨੇ ਆਪਣੀ ਜ਼ਿੰਦਗੀ ਦੇ 18 ਸਾਲ ਵਿਭਾਗ ਨੂੰ ਦਿੱਤੇ ਹਨ, ਉਨ੍ਹਾਂ ਨੂੰ ਸਨਮਾਨ ਦੇਣ ਦੀ ਬਜਾਏ ਸਰਕਾਰ ਨੇ ਤਾਨਾਸ਼ਾਹੀ ਫ਼ਰਮਾਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਨਰੇਗਾ ਕਰਮਚਾਰੀਆਂ ਨੂੰ ਕੰਮ ਤੋਂ ਹਟਾਉਣ ਦੇ ਹੁਕਮ ਦਿੱਤੇ ਗਏ ਹਨ ਅਤੇ ਉਨ੍ਹਾਂ ਦੀ ਥਾਂ ‘ਤੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।
ਸੰਦੀਪ ਸਿੰਘ ਨੇ ਪੰਜਾਬ ਸਰਕਾਰ ਦੀ ਦੋਹਰੀ ਨੀਤੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਾਂ ਸਰਕਾਰ ਮਨਰੇਗਾ ਨੂੰ ਸੂਬੇ ਵਿੱਚ ਲਾਗੂ ਨਾ ਕਰਨ ਦੀ ਗੱਲ ਕਰਦੀ ਸੀ, ਪਰ ਹੁਣ ਬਿਨਾਂ ਕਿਸੇ ਤਿਆਰੀ ਦੇ ਇਸ ਨੂੰ ਜਲਦਬਾਜ਼ੀ ਵਿੱਚ ਲਾਗੂ ਕਰਨ ਦੇ ਹੁਕਮ ਦੇ ਦਿੱਤੇ ਹਨ। ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਇਹ ਸਾਰਾ ਵਰਤਾਰਾ ਕਰਮਚਾਰੀਆਂ ਦੇ ਭਵਿੱਖ ਨਾਲ ਖਿਲਵਾੜ ਹੈ।
ਮਨਰੇਗਾ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਸੰਦੀਪ ਸਿੰਘ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਪੇਅ-ਸਕੇਲ ਦੇ ਕੇ ਪੱਕਾ ਨਹੀਂ ਕਰਦੀ, ਉਦੋਂ ਤੱਕ ਇਹ ਪ੍ਰਦਰਸ਼ਨ ਰੁਕਣ ਵਾਲਾ ਨਹੀਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦੀ ਕੋਈ ਸਾਰਥਕ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਸੋਮਵਾਰ ਤੋਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।



