ਵੱਡੀ ਖ਼ਬਰ: ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਇਨਫਰਾਸਟ੍ਰਕਚਰ ਟੈਕਸ

Top Trending News ਹਿਮਾਚਲ ਪੰਜਾਬ

 

ਵੱਡੀ ਖ਼ਬਰ: ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਇਨਫਰਾਸਟ੍ਰਕਚਰ ਟੈਕਸ

ਰੂਪਨਗਰ 21 ਜੁਲਾਈ 2026

ਪੰਚਾਇਤੀ ਰਾਜ ਦੀ ਧਾਰਾ 189 ਅਧੀਨ ਮਿਲੀਆਂ ਵਿੱਤੀ ਸ਼ਕਤੀਆਂ ਦੀ ਵਰਤੋਂ ਕਰਦਿਆਂ ਅੱਜ ਜ਼ਿਲ੍ਹਾ ਪਰਿਸ਼ਦ ਰੂਪਨਗਰ ਵੱਲੋਂ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ’ਤੇ ਇਨਫਰਾਸਟ੍ਰਕਚਰ ਟੈਕਸ ਲਗਾਉਣ ਦਾ ਅਹਿਮ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਮਤੇ ਨੂੰ ਹੁਣ ਸਰਕਾਰ ਦੀ ਮਨਜ਼ੂਰੀ ਲਈ ਭੇਜਿਆ ਜਾਵੇਗਾ ਅਤੇ ਪ੍ਰਵਾਨਗੀ ਮਿਲਣ ਉਪਰੰਤ ਇਸ ਨੂੰ ਲਾਗੂ ਕੀਤਾ ਜਾਵੇਗਾ।

ਅੱਜ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿੱਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਰੂਪਨਗਰ ਦੀ ਪਲੇਠੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਿੱਤੀ ਵਸੀਲੇ ਵਧਾਉਣ ਦੇ ਮਕਸਦ ਨਾਲ ਜ਼ਿਲ੍ਹੇ ਦੀ ਹਦੂਦ ਅੰਦਰ ਹਿਮਾਚਲ ਪ੍ਰਦੇਸ਼ ਨੂੰ ਜਾਣ ਅਤੇ ਉੱਥੋਂ ਆਉਣ ਵਾਲੀਆਂ ਸੜਕਾਂ ’ਤੇ ਟੌਲ ਟੈਕਸ ਵਸੂਲਿਆ ਜਾਵੇਗਾ।

ਮੀਟਿੰਗ ਦੌਰਾਨ ਸਪੱਸ਼ਟ ਕੀਤਾ ਗਿਆ ਕਿ ਸਰਕਾਰ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਤੁਰੰਤ ਟੈਕਸ ਦੀ ਵਸੂਲੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਤੋਂ ਹੋਣ ਵਾਲੀ ਸਾਰੀ ਆਮਦਨ ਨੂੰ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੀਆਂ ਸੜਕਾਂ, ਪੁਲਾਂ, ਸਟਰੀਟ ਲਾਈਟਾਂ, ਸਫ਼ਾਈ ਪ੍ਰਬੰਧਾਂ ਅਤੇ ਹੋਰ ਜ਼ਰੂਰੀ ਵਿਕਾਸ ਕਾਰਜਾਂ ’ਤੇ ਖਰਚ ਕੀਤਾ ਜਾਵੇਗਾ ਤਾਂ ਜੋ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੀਟਿੰਗ ਵਿੱਚ ਹਿਮਾਚਲ ਪ੍ਰਦੇਸ਼ ਤੋਂ ਰੂਪਨਗਰ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ’ਤੇ ਇਨਫਰਾਸਟ੍ਰਕਚਰ ਟੈਕਸ ਲਗਾਉਣ ਦਾ ਸੁਝਾਅ ਰੱਖਿਆ ਗਿਆ ਸੀ, ਜਿਸ ਨੂੰ ਸਮੂਹ ਮੈਂਬਰਾਂ ਨੇ ਖਿੜੇ ਮੱਥੇ ਪ੍ਰਵਾਨ ਕਰਦਿਆਂ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਸਤਿੰਦਰ ਕੌਰ ਬਾਲਾ, ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਬਲਾਕ ਸਮਿਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਸਮਿਤੀ ਮੋਰਿੰਡਾ ਦੀ ਚੇਅਰਪਰਸਨ ਹਰਵਿੰਦਰ ਕੌਰ ਸੰਧੂ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।