ਪੰਜਾਬੀ ਅਦਾਕਾਰ ਰੱਬੀ ਕੰਧੋਲਾ ਅਕਾਲੀ ਦਲ ਵਾਰਿਸ ਪੰਜਾਬ ‘ਚ ਹੋਇਆ ਸ਼ਾਮਿਲ

Top Trending News ਪੰਜਾਬ ਮਨੋਰੰਜਨ
  • ਪੰਜਾਬੀ ਅਦਾਕਾਰ ਰੱਬੀ ਕੰਧੋਲਾ ਅਕਾਲੀ ਦਲ ਵਾਰਿਸ ਪੰਜਾਬ ‘ਚ ਹੋਇਆ ਸ਼ਾਮਿਲ

ਚੰਡੀਗੜ੍ਹ, 23 ਜੁਲਾਈ 2026 – ਅਕਾਲੀ ਦਲ ਵਾਰਿਸ ਪੰਜਾਬ ਦੇ, ਨੂੰ ਵੀਰਵਾਰ ਉਸ ਵੇਲੇ ਵੱਡਾ ਸਿਆਸੀ ਅਤੇ ਸਮਾਜਿਕ ਹੁਲਾਰਾ ਮਿਲਿਆ, ਜਦੋਂ ਕਿਸਾਨਾਂ ’ਤੇ ਆਧਾਰਿਤ ਪੰਜਾਬੀ ਫ਼ਿਲਮ ‘ਮਿੱਟੀ ਪੰਜਾਬ ਦੀ’ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਅਦਾਕਾਰ ਰੱਬੀ ਕੰਧੋਲਾ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਪ੍ਰੈੱਸ ਕਲੱਬ, ਸੈਕਟਰ-27 ਵਿਖੇ ਹੋਏ ਸਮਾਗਮ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ਦੀ ਮੈਂਬਰਸ਼ਿਪ ਦਿਵਾਈ।

ਇਸ ਮੌਕੇ ਰੱਬੀ ਕੰਧੋਲਾ ਨੇ ਕਿਹਾ ਕਿ ਉਹ ਪਾਰਟੀ ਦੀ ਉਸ ਸੋਚ ਤੋਂ ਪ੍ਰਭਾਵਿਤ ਹੋ ਕੇ ਇਸ ਨਾਲ ਜੁੜੇ ਹਨ, ਜੋ ਪੰਜਾਬੀ ਮਾਂ-ਬੋਲੀ ਦੀ ਸੰਭਾਲ, ਪੰਜਾਬੀਆਂ ਦੇ ਹੱਕਾਂ ਦੀ ਰੱਖਿਆ, ਨੌਜਵਾਨਾਂ ਦੀ ਸਿੱਖਿਆ, ਪੇਪਰ ਲੀਕ ਵਰਗੇ ਮਾਮਲਿਆਂ ’ਤੇ ਸਖ਼ਤ ਕਾਰਵਾਈ ਅਤੇ ਰੁਜ਼ਗਾਰ ਲਈ ਸਖ਼ਤ ਤੇ ਪਾਰਦਰਸ਼ੀ ਕਾਨੂੰਨ ਬਣਾਉਣ ਦੀ ਵਕਾਲਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਮਜ਼ਬੂਤੀ ਨਾਲ ਆਵਾਜ਼ ਉਠਾਉਣਾ ਸਮੇਂ ਦੀ ਲੋੜ ਹੈ।

ਸਮਾਗਮ ਵਿੱਚ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ। ਆਗੂਆਂ ਨੇ ਰੱਬੀ ਕੰਧੋਲਾ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਿਰੋਪਾ ਭੇਟ ਕਰਕੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ।

ਪਾਰਟੀ ਆਗੂਆਂ ਨੇ ਕਿਹਾ ਕਿ ਰੱਬੀ ਕੰਧੋਲਾ ਦੇ ਪਾਰਟੀ ਨਾਲ ਜੁੜਨ ਨਾਲ ਸੰਗਠਨ ਨੂੰ ਸਮਾਜਿਕ ਅਤੇ ਜਨ-ਆਧਾਰ ਦੇ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪੰਜਾਬ ਅਤੇ ਨੌਜਵਾਨਾਂ ਨਾਲ ਸਬੰਧਤ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ।

ਰੱਬੀ ਕੰਧੋਲਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ, ਪੰਜਾਬੀ ਅਤੇ ਪੰਥਕ ਵਿਚਾਰਧਾਰਾ ਦੀ ਸੇਵਾ ਦੇ ਮਕਸਦ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਦਾਮਨ ਫੜਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।