‘ਪੰਜਾਬ ‘ਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ’- AAP ਦਾ ਦਾਅਵਾ
ਚੰਡੀਗੜ੍ਹ 24 ਜੁਲਾਈ 2026
ਆਮ ਆਦਮੀ ਪਾਰਟੀ (AAP) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਇੱਕ ਵੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਨ ਲਈ ਬੇਬੁਨਿਆਦ ਦੋਸ਼ ਲਾਏ ਜਾ ਰਹੇ ਹਨ।
ਫ਼ਰੀਦਕੋਟ ਵਿੱਚ ਸਾਹਮਣੇ ਆਏ ਮਾਮਲੇ ਬਾਰੇ ਗੱਲ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਉਹ ਘਟਨਾ ਪੇਪਰ ਲੀਕ ਹੋਣ ਦੀ ਨਹੀਂ, ਸਗੋਂ ਇਲੈਕਟ੍ਰਾਨਿਕ ਗੈਜਟਸ ਦੀ ਮਦਦ ਨਾਲ ਨਕਲ ਮਾਰਨ ਦੀ ਸੀ। ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਉਮੀਦਵਾਰ ਨੂੰ ਪ੍ਰੀਖਿਆ ਕੇਂਦਰ ਵਿੱਚ ਹੀ ਰੰਗੇ ਹੱਥੀਂ ਕਾਬੂ ਕਰ ਲਿਆ ਸੀ ਅਤੇ ਪੁਲੀਸ ਨੇ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਇਸ ਘਟਨਾ ਨੂੰ ਪੇਪਰ ਲੀਕ ਨਾਲ ਜੋੜਨਾ ਪੂਰੀ ਤਰ੍ਹਾਂ ਗਲਤ ਹੈ।
ਕਾਂਗਰਸ ਅਤੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ‘ਆਪ’ ਆਗੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਸੂਬੇ ਵਿੱਚ ਆਪਣਾ ਪਿਛਲਾ ਰਾਜ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਿੰਨੇ ਪੇਪਰ ਲੀਕ ਹੋਏ ਸਨ ਅਤੇ ਨੌਜਵਾਨਾਂ ਦਾ ਭਵਿੱਖ ਦਾਅ ’ਤੇ ਲੱਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਭਰ ਵਿੱਚ 90 ਤੋਂ ਵੱਧ ਪੇਪਰ ਲੀਕ ਹੋ ਚੁੱਕੇ ਹਨ, ਜਿਸ ਨਾਲ ਲੱਖਾਂ ਵਿਦਿਆਰਥੀਆਂ ਦੀ ਮਿਹਨਤ ਉੱਤੇ ਪਾਣੀ ਫਿਰਿਆ ਹੈ।
ਪੰਨੂ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰੀਖਿਆਵਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸੂਬੇ ਦੇ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਅਤੇ ਪਾਰਦਰਸ਼ੀ ਤਰੀਕੇ ਨਾਲ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਰੋਧੀਆਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਲਾਹਾ ਲੈਣ ਲਈ ਸੂਬੇ ਦੀ ਸ਼ਾਂਤੀ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਾ ਕਰਨ।



