ਫ਼ਾਰਮੇਸੀ ਪ੍ਰੀਖਿਆ ਗੜਬੜੀ: ਜੇ ਉਨ੍ਹਾਂ ਦੇ ਅਸਤੀਫਾ ਦੇਣ ਨਾਲ ਸਿੱਖਿਆ ‘ਚ ਸੁਧਾਰ ਹੁੰਦਾ ਤਾਂ ਉਹ ਛੱਡ ਦੇਣਗੇ ਅਹੁਦਾ, ਪਰ…:- ਹਰਜੋਤ ਬੈਂਸ ਦਾ ਵੱਡਾ ਬਿਆਨ

Top Trending News ਪੰਜਾਬ

 

ਫ਼ਾਰਮੇਸੀ ਪ੍ਰੀਖਿਆ ਗੜਬੜੀ: ਜੇ ਉਨ੍ਹਾਂ ਦੇ ਅਸਤੀਫਾ ਦੇਣ ਨਾਲ ਸਿੱਖਿਆ ‘ਚ ਸੁਧਾਰ ਹੁੰਦਾ ਤਾਂ ਉਹ ਛੱਡ ਦੇਣਗੇ ਅਹੁਦਾ, ਪਰ…:- ਹਰਜੋਤ ਬੈਂਸ ਦਾ ਵੱਡਾ ਬਿਆਨ

ਚੰਡੀਗੜ੍ਹ, 24 ਜੁਲਾਈ 2026

ਫ਼ਾਰਮੇਸੀ ਪ੍ਰੀਖਿਆ ਵਿੱਚ ਹੋਈ ਕਥਿਤ ਗੜਬੜੀ ਨੂੰ ਲੈ ਕੇ ਸੂਬੇ ਵਿੱਚ ਸਿਆਸੀ ਘਮਾਸਾਨ ਲਗਾਤਾਰ ਜਾਰੀ ਹੈ। ਵਿਰੋਧੀ ਪਾਰਟੀਆਂ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦਬਾਅ ਦਰਮਿਆਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਰੋਧੀਆਂ ਉੱਤੇ ਕਰਾਰਾ ਪਲਟਵਾਰ ਕੀਤਾ ਹੈ।

ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਹੈ ਕਿ ਜੇਕਰ ਉਨ੍ਹਾਂ ਦੇ ਅਹੁਦਾ ਛੱਡਣ ਨਾਲ ਪੰਜਾਬ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਅਸਲ ਸੁਧਾਰ ਆਉਂਦਾ ਹੈ, ਤਾਂ ਉਹ ਬਿਨਾਂ ਕਿਸੇ ਦੇਰੀ ਦੇ ਅੱਜ ਹੀ ਆਪਣਾ ਅਸਤੀਫ਼ਾ ਦੇਣ ਲਈ ਤਿਆਰ ਹਨ।

ਇਸ ਮੁੱਦੇ ‘ਤੇ ਆਪਣਾ ਪੱਖ ਰੱਖਦਿਆਂ ਮੰਤਰੀ ਬੈਂਸ ਨੇ ਦਾਅਵਾ ਕੀਤਾ ਕਿ ਪ੍ਰੀਖਿਆ ਦੌਰਾਨ ਸਾਹਮਣੇ ਆਈਆਂ ਗੜਬੜੀਆਂ ਨੂੰ ਕਿਸੇ ਬਾਹਰੀ ਵਿਅਕਤੀ ਜਾਂ ਵਿਰੋਧੀਆਂ ਨੇ ਨਹੀਂ, ਸਗੋਂ ਪੰਜਾਬ ਸਰਕਾਰ ਨੇ ਖ਼ੁਦ ਉਜਾਗਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਤੁਰੰਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਪੇਪਰ ਲੀਕ, ਨਕਲ ਅਤੇ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ‘ਜ਼ੀਰੋ ਟਾਲਰੈਂਸ’ ਦੀ ਨੀਤੀ ‘ਤੇ ਪੂਰੀ ਸਖ਼ਤੀ ਨਾਲ ਕੰਮ ਕਰ ਰਹੀ ਹੈ। ਫ਼ਾਰਮੇਸੀ ਪ੍ਰੀਖਿਆ ਵਿੱਚ ਸਾਹਮਣੇ ਆਈਆਂ ਖ਼ਾਮੀਆਂ ਨੂੰ ਕਦੇ ਵੀ ਦਬਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ, ਸਗੋਂ ਪ੍ਰਸ਼ਾਸਨ ਨੇ ਖ਼ੁਦ ਇਨ੍ਹਾਂ ਦਾ ਪਤਾ ਲਗਾ ਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ।

ਸਿੱਖਿਆ ਮੰਤਰੀ ਨੇ ਅਖੀਰ ਵਿੱਚ ਕਿਹਾ ਕਿ ਮੌਜੂਦਾ ਸਰਕਾਰ ਦਾ ਮੁੱਖ ਮਕਸਦ ਸੂਬੇ ਦੀ ਪੂਰੀ ਪ੍ਰਣਾਲੀ ਨੂੰ ਪਾਰਦਰਸ਼ੀ ਅਤੇ ਸਾਫ਼-ਸੁਥਰਾ ਬਣਾਉਣਾ ਹੈ, ਜਿਸ ਦੇ ਚਲਦਿਆਂ ਸਿਸਟਮ ਦੀਆਂ ਕਮੀਆਂ ਨੂੰ ਛੁਪਾਉਣ ਦੀ ਬਜਾਏ ਉਨ੍ਹਾਂ ਨੂੰ ਸਾਹਮਣੇ ਲਿਆਂਦਾ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।