- ਪੰਜਾਬ ‘ਚ ਰਿਸ਼ਤੇ ਤਾਰ-ਤਾਰ ! ਪਾਣੀ ਦੀ ਵਾਰੀ ਨੂੰ ਲੈ ਕੇ ਤਾਏ ਨੇ ਭਤੀਜਾ ਵੱਢ’ਤਾ
ਬਠਿੰਡਾ, 24 ਜੁਲਾਈ 2026: ਜ਼ਿਲ੍ਹਾ ਬਠਿੰਡਾ ਦੇ ਪਿੰਡ ਡਿੱਖ ਵਿੱਚ ਜ਼ਮੀਨ ਅਤੇ ਪਾਣੀ ਦੀ ਵਾਰੀ ਨੂੰ ਲੈ ਕੇ ਚੱਲ ਰਹੇ ਪੁਰਾਣੇ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਇਸ ਝਗੜੇ ਦੌਰਾਨ 24 ਸਾਲਾ ਨੌਜਵਾਨ ਅਕਾਸ਼ਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿਤਾ ਹਰਮਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕ ਦੇ ਪਰਿਵਾਰ ਨੇ ਕਥਿਤ ਤੌਰ ‘ਤੇ ਉਸ ਦੇ ਸਕੇ ਤਾਏ ਕੁਲਵੰਤ ਸਿੰਘ ‘ਤੇ ਕਤਲ ਦਾ ਦੋਸ਼ ਲਗਾਇਆ ਹੈ।
ਪਰਿਵਾਰਕ ਮੈਂਬਰਾਂ ਅਨੁਸਾਰ ਦੋਵਾਂ ਧਿਰਾਂ ਵਿਚ ਕਾਫ਼ੀ ਸਮੇਂ ਤੋਂ ਜ਼ਮੀਨ ਅਤੇ ਸਿੰਚਾਈ ਲਈ ਪਾਣੀ ਦੀ ਵਾਰੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਸਬੰਧੀ ਕਈ ਵਾਰ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਸਨ, ਪਰ ਮਾਮਲੇ ਦਾ ਕੋਈ ਸਥਾਈ ਹੱਲ ਨਹੀਂ ਨਿਕਲਿਆ।
ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਅਕਾਸ਼ਦੀਪ ਸਿੰਘ ਆਪਣੇ ਪਿਤਾ ਨਾਲ ਖੇਤਾਂ ਵਿੱਚ ਪਾਣੀ ਲਗਾਉਣ ਗਿਆ ਹੋਇਆ ਸੀ। ਇਸ ਦੌਰਾਨ ਦੋਵਾਂ ਧਿਰਾਂ ਵਿਚ ਤਕਰਾਰ ਹੋ ਗਈ, ਜੋ ਦੇਖਦੇ ਹੀ ਦੇਖਦੇ ਹਿੰਸਕ ਝਗੜੇ ਵਿੱਚ ਬਦਲ ਗਈ। ਪਰਿਵਾਰ ਦਾ ਦੋਸ਼ ਹੈ ਕਿ ਕੁਲਵੰਤ ਸਿੰਘ ਨੇ ਨਲਕੇ ਦੀ ਹੱਥੀ ਨਾਲ ਅਕਾਸ਼ਦੀਪ ਦੇ ਸਿਰ ‘ਤੇ ਕਈ ਵਾਰ ਹਮਲਾ ਕੀਤਾ। ਬਚਾਅ ਲਈ ਆਏ ਉਸ ਦੇ ਪਿਤਾ ਨੂੰ ਵੀ ਗੰਭੀਰ ਸੱਟਾਂ ਲੱਗੀਆਂ।
ਘਟਨਾ ਤੋਂ ਬਾਅਦ ਦੋਵਾਂ ਨੂੰ ਸਰਕਾਰੀ ਹਸਪਤਾਲ ਰਾਮਪੁਰਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਅਕਾਸ਼ਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਹਰਮਿੰਦਰ ਸਿੰਘ ਦਾ ਇਲਾਜ ਜਾਰੀ ਹੈ।
ਥਾਣਾ ਬਾਲਿਆਂਵਾਲੀ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਦਾ ਕਰੀਬ ਢਾਈ ਤੋਂ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੇ ਪਿੱਛੇ ਇੱਕ ਸਾਲ ਦੀ ਮਾਸੂਮ ਧੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਅਤੇ ਤਣਾਅ ਦਾ ਮਾਹੌਲ ਹੈ।



