ਮੌਸਮ ਵਿਭਾਗ ਦਾ ਅਲਰਟ; ਪੰਜਾਬ ‘ਚ ਅਗਲੇ 3 ਦਿਨ ਪਵੇਗਾ ਭਾਰੀ ਮੀਂਹ!
ਚੰਡੀਗੜ੍ਹ 24 ਜੁਲਾਈ 2026
ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਦੇ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਇਸ ਮੱਦੇਨਜ਼ਰ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ ਤਾਂ ਜੋ ਲੋਕ ਪਹਿਲਾਂ ਹੀ ਸਾਵਧਾਨੀ ਵਰਤ ਸਕਣ।
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ, ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਦਰਮਿਆਨੇ ਤੋਂ ਲੈ ਕੇ ਭਾਰੀ ਮੀਂਹ ਪੈਣ ਦੀ ਉਮੀਦ ਹੈ। ਖ਼ਾਸ ਤੌਰ ‘ਤੇ 25 ਜੁਲਾਈ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦਾ ਮਤਲਬ ਹੈ ਕਿ ਇਸ ਦਿਨ ਕੁਝ ਥਾਵਾਂ ‘ਤੇ ਤੇਜ਼ ਮੀਂਹ ਜਾਂ ਹਲਕੇ ਤੂਫ਼ਾਨ ਦੀ ਸੰਭਾਵਨਾ ਹੈ।
ਇਸ ਤੋਂ ਬਾਅਦ, ਮੌਸਮ ਦਾ ਮਿਜ਼ਾਅ ਹੋਰ ਜ਼ਿਆਦਾ ਸਖ਼ਤ ਹੋ ਸਕਦਾ ਹੈ। ਵਿਭਾਗ ਨੇ 27 ਤੋਂ 29 ਜੁਲਾਈ ਤੱਕ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਿੰਨ ਦਿਨਾਂ ਦੇ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣ ਅਤੇ ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਵੀ ਆ ਸਕਦੀ ਹੈ।
ਮੌਸਮ ਵਿਭਾਗ ਦੀ ਇਸ ਚੇਤਾਵਨੀ ਤੋਂ ਬਾਅਦ ਪ੍ਰਸ਼ਾਸਨ ਵੀ ਚੌਕਸ ਹੋ ਗਿਆ ਹੈ। ਮਾਹਿਰਾਂ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਸਮ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ। ਭਾਰੀ ਮੀਂਹ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ, ਪਰ ਨਾਲ ਹੀ ਸਾਵਧਾਨ ਰਹਿਣ ਦੀ ਵੀ ਲੋੜ ਹੈ।



