- ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਹੋ ਸਕਦੀਆਂ ਨੇ ਠੱਪ ! ਕਰਮਚਾਰੀਆਂ ਵੱਲੋਂ ਹੜਤਾਲ ‘ਤੇ ਜਾਣ ਦਾ ਐਲਾਨ
ਬਠਿੰਡਾ, 25 ਜੁਲਾਈ (ਦੇਸ਼ ਕਲਿੱਕ ਬਿਊਰੋ) : ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਸੋਮਵਾਰ, 27 ਜੁਲਾਈ ਤੋਂ ਡੂੰਘੇ ਸੰਕਟ ਦਾ ਸਾਹਮਣਾ ਕਰ ਸਕਦੀਆਂ ਹਨ। ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ ਵਿੱਚ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਹੜਤਾਲ ਦੌਰਾਨ, ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਇਲਾਜ, ਮੁਫਤ ਦਵਾਈਆਂ ਅਤੇ ਲੈਬ ਟੈਸਟਿੰਗ ਪ੍ਰਭਾਵਿਤ ਹੋ ਸਕਦੀ ਹੈ। ਪੰਜਾਬ ਆਮ ਆਦਮੀ ਕਲੀਨਿਕ ਯੂਨੀਅਨ ਦੇ ਬੈਨਰ ਹੇਠ, ਕਰਮਚਾਰੀ ਸੋਮਵਾਰ ਤੋਂ ਕੰਮ ਬੰਦ ਕਰ ਦੇਣਗੇ। ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਸਰਜਨ ਦਫਤਰਾਂ ਦੇ ਬਾਹਰ ਵੀ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।
ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਮੈਡੀਕਲ ਅਫਸਰ, ਫਾਰਮੇਸੀ ਅਫਸਰ ਅਤੇ ਕਲੀਨਿਕਲ ਸਹਾਇਕ ਹੜਤਾਲ ਵਿੱਚ ਹਿੱਸਾ ਲੈਣਗੇ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਲੰਬੇ ਸਮੇਂ ਤੋਂ ਗੱਲਬਾਤ ਕਰ ਰਹੇ ਹਨ, ਪਰ ਕੋਈ ਠੋਸ ਹੱਲ ਨਹੀਂ ਨਿਕਲਿਆ ਹੈ। ਇਸ ਵੇਲੇ ਪੰਜਾਬ ਵਿੱਚ 884 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਸਰਕਾਰ ਨੇ ਹਾਲ ਹੀ ਵਿੱਚ 100 ਨਵੇਂ ਕਲੀਨਿਕ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਹੈ। ਔਸਤਨ, ਰੋਜ਼ਾਨਾ 70,000 ਤੋਂ ਵੱਧ ਮਰੀਜ਼ ਇਨ੍ਹਾਂ ਕਲੀਨਿਕਾਂ ਵਿੱਚ ਇਲਾਜ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਲਈ ਆਉਂਦੇ ਹਨ।
ਅਜਿਹੀ ਸਥਿਤੀ ਵਿੱਚ, ਸਟਾਫ ਦੀ ਹੜਤਾਲ ਦਾ ਸਿੱਧਾ ਅਸਰ ਵੱਡੀ ਗਿਣਤੀ ਵਿੱਚ ਮਰੀਜ਼ਾਂ ‘ਤੇ ਪੈ ਸਕਦਾ ਹੈ। ਆਮ ਆਦਮੀ ਕਲੀਨਿਕਾਂ ਵਿੱਚ ਸੇਵਾਵਾਂ ਵਿੱਚ ਵਿਘਨ ਕਾਰਨ, ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਮਦ ਵਧਣ ਦੀ ਸੰਭਾਵਨਾ ਵੀ ਹੈ।



