ਸਿਹਤ ਬੀਮਾ ਯੋਜਨਾ ‘ਚ ਫਰਜ਼ੀਵਾੜਾ! ਜਲੰਧਰ ਦਾ ਨਿੱਜੀ ਹਸਪਤਾਲ ਪੈਨਲ ਤੋਂ ਬਾਹਰ; ਸਿਹਤ ਮੰਤਰੀ ਨੇ ਦਿੱਤੀ ਸਖ਼ਤ ਚੇਤਾਵਨੀ

Top Trending News ਪੰਜਾਬ

 

Health Insurance Scheme Fraud! ਜਲੰਧਰ ਦਾ ਨਿੱਜੀ ਹਸਪਤਾਲ ਪੈਨਲ ਤੋਂ ਬਾਹਰ; ਸਿਹਤ ਮੰਤਰੀ ਨੇ ਦਿੱਤੀ ਸਖ਼ਤ ਚੇਤਾਵਨੀ

ਚੰਡੀਗੜ੍ਹ, 25 ਜੁਲਾਈ 2026: ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਕਥਿਤ ਫਰਜ਼ੀਵਾੜੇ ਦੇ ਇੱਕ ਗੰਭੀਰ ਮਾਮਲੇ ਤੋਂ ਬਾਅਦ ਸਿਹਤ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਨੂੰ ਸਰਕਾਰੀ ਪੈਨਲ ਵਿੱਚੋਂ ਡੀ-ਐਂਪੈਨਲ ਕਰ ਦਿੱਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਜਾਂਚ ਵਿੱਚ ਹਸਪਤਾਲ ਵੱਲੋਂ ਯੋਜਨਾ ਦੇ ਨਿਯਮਾਂ ਦੀ ਉਲੰਘਣਾ ਅਤੇ ਕਥਿਤ ਬੇਨਿਯਮੀਆਂ ਸਾਹਮਣੇ ਆਉਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ।

ਸਰਕਾਰੀ ਜਾਣਕਾਰੀ ਅਨੁਸਾਰ, ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਖ਼ਿਲਾਫ਼ ਯੋਜਨਾ ਦੇ ਨਾਮ ‘ਤੇ ਕਥਿਤ ਧੋਖਾਧੜੀ ਅਤੇ ਫਰਜ਼ੀ ਕੇਸ ਬਣਾਉਣ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ। ਮਰੀਜ਼ਾਂ ਅਤੇ ਆਮ ਲੋਕਾਂ ਵੱਲੋਂ ਦਿੱਤੀਆਂ ਲਿਖਤੀ ਸ਼ਿਕਾਇਤਾਂ ਦੇ ਆਧਾਰ ‘ਤੇ ਸਿਹਤ ਵਿਭਾਗ ਨੇ ਉੱਚ ਪੱਧਰੀ ਜਾਂਚ ਕਰਵਾਈ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਹਸਪਤਾਲ ਨੂੰ ਤੁਰੰਤ ਪ੍ਰਭਾਵ ਨਾਲ ਸਰਕਾਰੀ ਪੈਨਲ ਤੋਂ ਹਟਾ ਦਿੱਤਾ ਗਿਆ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਇਲਾਜ ਲਈ ਬਣਾਈਆਂ ਗਈਆਂ ਭਲਾਈ ਯੋਜਨਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਜਾਂ ਧੋਖਾਧੜੀ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਇਹ ਹਸਪਤਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮਰੀਜ਼ਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਨਹੀਂ ਦੇ ਸਕੇਗਾ।

ਸਿਹਤ ਮੰਤਰੀ ਨੇ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਹਸਪਤਾਲ ਯੋਜਨਾ ਦੇ ਕਾਰਡ ਧਾਰਕਾਂ ਤੋਂ ਇਲਾਜ ਦੇ ਬਦਲੇ ਵਾਧੂ ਰਕਮ ਦੀ ਮੰਗ ਕਰਦਾ ਹੈ ਤਾਂ ਤੁਰੰਤ ਸਰਕਾਰੀ ਹੈਲਪਲਾਈਨ 104 ‘ਤੇ ਸ਼ਿਕਾਇਤ ਦਰਜ ਕਰਵਾਈ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸ਼ਿਕਾਇਤ ਦੀ ਤੁਰੰਤ ਜਾਂਚ ਕਰਕੇ ਦੋਸ਼ੀ ਹਸਪਤਾਲਾਂ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਿਹਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਗੜਬੜੀ ਕਰਨ ਵਾਲੇ ਕਿਸੇ ਵੀ ਹਸਪਤਾਲ ਨੂੰ ਬਲੈਕਲਿਸਟ ਕਰਨ ਦੇ ਨਾਲ-ਨਾਲ ਉਸ ਦੇ ਪ੍ਰਬੰਧਕਾਂ ਵਿਰੁੱਧ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨੇ ਇਸ ਕਾਰਵਾਈ ਨੂੰ ਹੋਰ ਨਿੱਜੀ ਹਸਪਤਾਲਾਂ ਲਈ ਵੀ ਸਪੱਸ਼ਟ ਸੰਦੇਸ਼ ਕਰਾਰ ਦਿੱਤਾ ਹੈ ਕਿ ਸਰਕਾਰੀ ਯੋਜਨਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।