ਪੇਪਰ ਲੀਕ ਵਿਵਾਦ ਦਰਮਿਆਨ ਬਾਬਾ ਫਰੀਦ ਯੂਨੀਵਰਸਿਟੀ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, VC ਅਤੇ ਰਜਿਸਟਰਾਰ ਦਾ ਤਬਾਦਲਾ

Top Trending News ਸਿੱਖਿਆ \ ਤਕਨਾਲੋਜੀ ਪੰਜਾਬ

 

ਪੇਪਰ ਲੀਕ ਵਿਵਾਦ ਦਰਮਿਆਨ ਬਾਬਾ ਫਰੀਦ ਯੂਨੀਵਰਸਿਟੀ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, VC ਅਤੇ ਰਜਿਸਟਰਾਰ ਦਾ ਤਬਾਦਲਾ

ਚੰਡੀਗੜ੍ਹ, 26 ਜੁਲਾਈ 2026- ਪੇਪਰ ਲੀਕ ਵਿਵਾਦਾਂ ‘ਚ ਘਿਰੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਵਿੱਚ ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਵਾਈਸ ਚਾਂਸਲਰ ਅਤੇ ਰਜਿਸਟਰਾਰ ਦੇ ਅਹੁਦਿਆਂ ‘ਤੇ ਨਵੀਆਂ ਨਿਯੁਕਤੀਆਂ ਕਰ ਦਿੱਤੀਆਂ ਹਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਰੀ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਮਨਜੀਤ ਸਿੰਘ ਬਰਾੜ ਨੂੰ ਯੂਨੀਵਰਸਿਟੀ ਦਾ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ, ਜਦਕਿ ਗਰੀਸ ਸਾਹਨੀ ਨੂੰ ਨਵਾਂ ਰਜਿਸਟਰਾਰ ਬਣਾਇਆ ਗਿਆ ਹੈ।

ਇਸ ਦੇ ਨਾਲ ਹੀ ਯੂਨੀਵਰਸਿਟੀ ਲਈ ਸਥਾਈ ਵਾਈਸ ਚਾਂਸਲਰ ਦੀ ਨਿਯੁਕਤੀ ਵਾਸਤੇ ਇੱਕ ਖੋਜ ਕਮੇਟੀ ਵੀ ਗਠਿਤ ਕੀਤੀ ਗਈ ਹੈ, ਜੋ ਯੋਗ ਉਮੀਦਵਾਰ ਦੀ ਚੋਣ ਲਈ ਪ੍ਰਕਿਰਿਆ ਨੂੰ ਅੱਗੇ ਵਧਾਏਗੀ। ਇਸ ਤੋਂ ਪਹਿਲਾਂ ਵਾਈਸ ਚਾਂਸਲਰ ਡਾ. ਰਾਜੀਵ ਸੂਦ ਅਤੇ ਰਜਿਸਟਰਾਰ ਅਰਵਿੰਦ ਨੇ ਆਪਣੇ ਅਹੁਦੇ ਛੱਡ ਦਿੱਤੇ ਹਨ ਅਤੇ ਨਵੇਂ ਅਧਿਕਾਰੀਆਂ ਨੇ ਚਾਰਜ ਸੰਭਾਲ ਲਿਆ ਹੈ।

ਇਹ ਪ੍ਰਸ਼ਾਸਨਿਕ ਤਬਦੀਲੀਆਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਯੂਨੀਵਰਸਿਟੀ ਹਾਲ ਹੀ ਵਿੱਚ ਹੋਏ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਮਾਮਲੇ ਕਾਰਨ ਚਰਚਾ ਵਿੱਚ ਹੈ। ਇੱਕ ਹਫ਼ਤਾ ਪਹਿਲਾਂ ਹੋਈ ਇਸ ਪ੍ਰੀਖਿਆ ਦੌਰਾਨ 26 ਉਮੀਦਵਾਰ ਕਥਿਤ ਤੌਰ ‘ਤੇ ਨਕਲ ਕਰਦੇ ਫੜੇ ਗਏ ਸਨ, ਜਿਨ੍ਹਾਂ ਨੂੰ ਅਦਾਲਤੀ ਕਾਰਵਾਈ ਤੋਂ ਬਾਅਦ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਭੇਜਿਆ ਗਿਆ ਹੈ।

ਪੇਪਰ ਲੀਕ ਦੇ ਦੋਸ਼ਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਇਸ ਪੂਰੇ ਮਾਮਲੇ ਸਬੰਧੀ ਅਜੇ ਤੱਕ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ਇਸੇ ਕਾਰਨ ਯੂਨੀਵਰਸਿਟੀ ਦੇ ਦੋਵੇਂ ਸੀਨੀਅਰ ਅਧਿਕਾਰੀਆਂ ਦੀ ਬਦਲੀ ਨੂੰ ਵੀ ਇਸ ਵਿਵਾਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਭਾਵੇਂ ਸਰਕਾਰ ਨੇ ਇਸ ਸੰਬੰਧੀ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ, ਪਰ ਇਨ੍ਹਾਂ ਤਬਦੀਲੀਆਂ ਨੇ ਯੂਨੀਵਰਸਿਟੀ ਵਿੱਚ ਚੱਲ ਰਹੇ ਵਿਵਾਦ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।