ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਕਰਨ ਦਾ ਐਲਾਨ

Top Trending News ਪੰਜਾਬ

 

ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਮਹਾਂ ਰੈਲੀ ਕਰਨ ਦਾ ਐਲਾਨ

ਜਲੰਧਰ 26 ਜੁਲਾਈ 2026

ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ) ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਸਥਾਨਕ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ ਵਿਖੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਵਿਰੁੱਧ ਰੋਹ ਪ੍ਰਗਟਾਇਆ ਗਿਆ।

ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ‘ਤੇ 7 ਅਗਸਤ ਨੂੰ ਦਾਣਾ ਮੰਡੀ ਸੈਕਟਰ 39, ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਮਹਾਰੈਲੀ ਵਿੱਚ ਪੰਜਾਬ ਭਰ ਵਿੱਚੋਂ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।

ਇਸ ਮੌਕੇ ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਤੋਂ ਜਾਣਬੁੱਝ ਕੇ ਟਾਲਾ ਵੱਟ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕਰਦੀ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਮੁਲਾਜ਼ਮ ਤੇ ਪੈਨਸ਼ਨਰ ਵਰਗ ਆਪਣੇ ਹੱਕਾਂ ਲਈ ਸੜਕਾਂ ‘ਤੇ ਰੁਲਣ ਲਈ ਮਜਬੂਰ ਹੈ।

ਮੀਟਿੰਗ ਦੌਰਾਨ ਪੰਜਾਬ ਵਿੱਚ ਵੱਖ-ਵੱਖ ਵਰਗਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ਾਂ ਦੀ ਡੱਟ ਕੇ ਹਮਾਇਤ ਕੀਤੀ ਗਈ। ਆਗੂਆਂ ਨੇ ਮਤਾ ਪਾਸ ਕਰਕੇ ਸਫਾਈ ਸੇਵਕਾਂ, ਬਿਜਲੀ ਮੁਲਾਜ਼ਮਾਂ ਅਤੇ ਨਰੇਗਾ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ।

ਇਸ ਤੋਂ ਇਲਾਵਾ ਪੈਨਸ਼ਨਰ ਜੁਆਇੰਟ ਫਰੰਟ ਵੱਲੋਂ 29 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਵੀ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ। ਪੈਨਸ਼ਨਰ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਕਈ ਪ੍ਰਮੁੱਖ ਆਗੂ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।