ਵੱਡੀ ਖ਼ਬਰ: ਸਫ਼ਾਈ ਸੇਵਕਾਂ ਵੱਲੋਂ 30 ਜੁਲਾਈ ਨੂੰ ‘ਪੰਜਾਬ ਬੰਦ’ ਦਾ ਐਲਾਨ!

Top Trending News ਪੰਜਾਬ

 

ਵੱਡੀ ਖ਼ਬਰ: ਸਫ਼ਾਈ ਸੇਵਕਾਂ ਵੱਲੋਂ 30 ਜੁਲਾਈ ਨੂੰ ‘ਪੰਜਾਬ ਬੰਦ’ ਦਾ ਐਲਾਨ!

ਚੰਡੀਗੜ੍ਹ 27 ਜੁਲਾਈ 2026

ਪੰਜਾਬ ਵਿੱਚ ਸਰਕਾਰ ਅਤੇ ਸਫ਼ਾਈ ਕਰਮਚਾਰੀਆਂ ਵਿਚਾਲੇ ਚੱਲ ਰਿਹਾ ਟਕਰਾਅ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮਾਮਲੇ ਨੂੰ ਸੁਲਝਾਉਣ ਅਤੇ ਟਕਰਾਅ ਮੱਠਾ ਕਰਨ ਦੇ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ, ਸਫ਼ਾਈ ਸੇਵਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 30 ਜੁਲਾਈ ਨੂੰ ਪੂਰੇ ਸੂਬੇ ਵਿੱਚ ‘ਸੂਬਾ ਪੱਧਰੀ ਬੰਦ’ ਦਾ ਵੱਡਾ ਐਲਾਨ ਕਰ ਦਿੱਤਾ ਹੈ। ਹਾਲ ਹੀ ਵਿੱਚ ਬਰਨਾਲਾ ਵਿਖੇ ਵਾਪਰੀ ਘਟਨਾ ਨੇ ਸਫ਼ਾਈ ਕਰਮਚਾਰੀਆਂ ਦੇ ਗੁੱਸੇ ਅਤੇ ਰੋਸ ਵਿੱਚ ਬਲਦੀ ਤੇਲ ਪਾਉਣ ਦਾ ਕੰਮ ਕੀਤਾ ਹੈ, ਜਿਸ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫ਼ੈਸਲਾ ਲਿਆ ਗਿਆ।

ਪੰਜਾਬ ਸਟੇਟ ਸਫ਼ਾਈ ਕਰਮਚਾਰੀ ਯੂਨੀਅਨ ਨੇ ਇਸ ਬੰਦ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਉਣ ਲਈ ਰਾਜ ਭਰ ਵਿੱਚ ਵਿਸ਼ੇਸ਼ ਮੁਹਿੰਮ ਵਿੱਢ ਦਿੱਤੀ ਹੈ। ਯੂਨੀਅਨ ਦੇ ਸੂਬਾਈ ਆਗੂ ਕੁਲਦੀਪ ਸਿੰਘ ਨੇ ਸਪੱਸ਼ਟ ਕੀਤਾ ਕਿ ਬੰਦ ਦੀ ਸਫ਼ਲਤਾ ਲਈ ਸਮਾਜ ਦੇ ਹਰ ਵਰਗ ਤੋਂ ਸਮਰਥਨ ਮੰਗਿਆ ਜਾ ਰਿਹਾ ਹੈ ਅਤੇ ਲੋਕਾਂ ਦੀ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ 30 ਜੁਲਾਈ ਨੂੰ ਪੰਜਾਬ ਵਿੱਚ ਮੁਕੰਮਲ ਹੜਤਾਲ ਕੀਤੀ ਜਾ ਸਕੇ।

ਸਫ਼ਾਈ ਕਰਮਚਾਰੀਆਂ ਦੀ ਇਸ ਹੜਤਾਲ ਦਾ ਅਸਰ ਸੂਬੇ ਦੇ ਸ਼ਹਿਰੀ ਢਾਂਚੇ ‘ਤੇ ਸਾਫ਼ ਦੇਖਣ ਨੂੰ ਮਿਲ ਰਿਹਾ ਹੈ। ਯੂਨੀਅਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀਆਂ ਕੁੱਲ 167 ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚੋਂ ਬਹੁਗਿਣਤੀ ਥਾਵਾਂ ‘ਤੇ ਘਰਾਂ-ਘਰਾਂ ਤੋਂ ਕੂੜਾ ਚੁੱਕਣ ਅਤੇ ਇਸ ਦੇ ਪ੍ਰਬੰਧਨ ਦਾ ਕੰਮ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ।

ਦੂਜੇ ਪਾਸੇ, ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਜੇਕਰ ਮੀਂਹ ਦੇ ਮੌਸਮ ਦੌਰਾਨ ਸ਼ਹਿਰਾਂ ਵਿੱਚੋਂ ਕੂੜਾ ਨਾ ਚੁੱਕਿਆ ਗਿਆ, ਤਾਂ ਸਫ਼ਾਈ ਵਿਵਸਥਾ ਹੋਰ ਵੀ ਬਦਤਰ ਹੋ ਸਕਦੀ ਹੈ ਅਤੇ ਬੀਮਾਰੀਆਂ ਫੈਲਣ ਦਾ ਖ਼ਤਰਾ ਵਧ ਜਾਵੇਗਾ।

ਇਸ ਨਾਜ਼ੁਕ ਸਥਿਤੀ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ ਵੀ ਕਮਰ ਕੱਸ ਲਈ ਹੈ। ਸਰਕਾਰ ਵੱਲੋਂ ਸਮੂਹ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕੂੜਾ ਇਕੱਠਾ ਕਰਨ ਅਤੇ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਲਈ ਬਦਲਵੇਂ ਪ੍ਰਬੰਧ ਤੁਰੰਤ ਸ਼ੁਰੂ ਕੀਤੇ ਜਾਣ, ਤਾਂ ਜੋ ਆਮ ਜਨਤਾ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।