ਕੇਵਲ ਢਿੱਲੋਂ ਵੱਲੋਂ PM Modi ਨਾਲ ਵਿਸ਼ੇਸ਼ ਮੁਲਾਕਾਤ; ਕਿਹਾ- ਪੰਜਾਬ ‘ਚ ‘ਡਬਲ ਇੰਜਣ ਸਰਕਾਰ’ ਦੀ ਲੋੜ!
ਨਵੀਂ ਦਿੱਲੀ, 27 ਜੁਲਾਈ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨਾਲ BJP ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਢਿੱਲੋਂ ਨੇ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਥਿਤੀ, ਕਿਸਾਨਾਂ ਦੀਆਂ ਸਮੱਸਿਆਵਾਂ, ਗੈਂਗਸਟਰਵਾਦ, ਨਸ਼ਾਖੋਰੀ ਅਤੇ ਸੂਬੇ ਦੇ ਸਮੁੱਚੇ ਵਿਕਾਸ ਸਬੰਧੀ ਪ੍ਰਧਾਨ ਮੰਤਰੀ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ।
ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਇੱਕ ਸਮੇਂ ਪੰਜਾਬ ਦੇਸ਼ ਦੇ ਸਭ ਤੋਂ ਅੱਗੇ ਵਧੇ ਹੋਏ ਸੂਬਿਆਂ ਵਿੱਚ ਸ਼ਾਮਲ ਸੀ, ਪਰ ਅੱਜ ਕਈ ਖੇਤਰਾਂ ਵਿੱਚ ਵਿਕਾਸ ਦੀ ਰਫ਼ਤਾਰ ਪਿੱਛੇ ਰਹਿ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਆਉਣ ਲਈ ਕੇਂਦਰ ਅਤੇ ਸੂਬੇ ਵਿੱਚ “ਡਬਲ ਇੰਜਣ ਸਰਕਾਰ” ਦੀ ਲੋੜ ਹੈ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਮੁਲਾਕਾਤ ਦੌਰਾਨ ਪੰਜਾਬ ਵਿੱਚ ਵੱਧ ਰਹੇ ਗੈਂਗਸਟਰਵਾਦ ਅਤੇ ਨਸ਼ਿਆਂ ਦੇ ਮੁੱਦੇ ‘ਤੇ ਵੀ ਗੰਭੀਰਤਾ ਨਾਲ ਚਰਚਾ ਕੀਤੀ ਗਈ। ਉਨ੍ਹਾਂ ਦੇ ਅਨੁਸਾਰ ਕੇਂਦਰ ਸਰਕਾਰ ਪੰਜਾਬ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ, ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਨਿਤਿਨ ਨਬੀਨ ਪੰਜਾਬ ਦਾ ਦੌਰਾ ਕਰ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੀ ਸੰਭਾਵਨਾ ਹੈ।
ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਸਥਿਤ ਭਾਜਪਾ ਦਫ਼ਤਰ ‘ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਨੌਜਵਾਨਾਂ ਦੇ ਭਵਿੱਖ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਇਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਨੂੰ ਲੈਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ, ਜਿਸ ਕਾਰਨ ਸੂਬੇ ਦੇ ਹਿੱਤ ਪ੍ਰਭਾਵਿਤ ਹੋ ਰਹੇ ਹਨ।



