ਸਾਵਧਾਨ ! ਕਿਤੇ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਕੱਲ੍ਹ ਨੂੰ ਪੰਜਾਬ ਬੰਦ ਦਾ ਐਲਾਨ

Top Trending News ਪੰਜਾਬ
  • ਸਾਵਧਾਨ ! ਕਿਤੇ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਕੱਲ੍ਹ ਨੂੰ ਪੰਜਾਬ ਬੰਦ ਦਾ ਐਲਾਨ

ਚੰਡੀਗੜ੍ਹ, 29 ਜੁਲਾਈ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਫ਼ਾਈ ਕਰਮਚਾਰੀਆਂ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਹੋਰ ਵੀ ਗੰਭੀਰ ਰੂਪ ਧਾਰਨ ਕਰ ਗਿਆ ਹੈ। ਸੂਬਾ ਸਰਕਾਰ ਵੱਲੋਂ ਮਾਮਲੇ ਨੂੰ ਸੁਲਝਾਉਣ ਅਤੇ ਟਕਰਾਅ ਨੂੰ ਮੱਠਾ ਕਰਨ ਲਈ ਕੀਤੇ ਜਾ ਰਹੇ ਤਮਾਮ ਯਤਨਾਂ ਦੇ ਬਾਵਜੂਦ, ਸਫ਼ਾਈ ਸੇਵਕ ਆਪਣੇ ਰੋਸ ਅਤੇ ਮੰਗਾਂ ਨੂੰ ਲੈ ਕੇ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸਫ਼ਾਈ ਸੇਵਕਾਂ ਨੇ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾਉਂਦੇ ਹੋਏ 30 ਜੁਲਾਈ ਨੂੰ ਪੂਰੇ ਪੰਜਾਬ ਵਿੱਚ ‘ਸੂਬਾ ਪੱਧਰੀ ਬੰਦ’ ਦਾ ਵੱਡਾ ਐਲਾਨ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ, ਹਾਲ ਹੀ ਵਿੱਚ ਬਰਨਾਲਾ ਵਿਖੇ ਵਾਪਰੀ ਇੱਕ ਦੁਖਦ ਅਤੇ ਨਿੰਦਣਯੋਗ ਘਟਨਾ ਨੇ ਸਫ਼ਾਈ ਕਰਮਚਾਰੀਆਂ ਦੇ ਗੁੱਸੇ ਅਤੇ ਰੋਸ ਨੂੰ ਹੋਰ ਵਧਾ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਸੂਬੇ ਭਰ ਦੇ ਸਫ਼ਾਈ ਸੇਵਕਾਂ ਵਿੱਚ ਭਾਰੀ ਰੋਸ਼ ਫੈਲ ਗਿਆ ਹੈ। ਸੰਘਰਸ਼ ਕਮੇਟੀ ਅਤੇ ਯੂਨੀਅਨਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਦਿਖਾਈ ਜਾ ਰਹੀ ਅਣਦੇਖੀ ਕਾਰਨ ਹੀ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸੇ ਕਾਰਨ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਪੰਜਾਬ ਸਟੇਟ ਸਫ਼ਾਈ ਕਰਮਚਾਰੀ ਯੂਨੀਅਨ ਨੇ 30 ਜੁਲਾਈ ਦੇ ਬੰਦ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਉਣ ਲਈ ਰਾਜ ਭਰ ਵਿੱਚ ਇੱਕ ਵਿਸ਼ੇਸ਼ ਲਾਮਬੰਦੀ ਮੁਹਿੰਮ ਵਿੱਢ ਦਿੱਤੀ ਹੈ। ਯੂਨੀਅਨ ਦੇ ਸੂਬਾਈ ਆਗੂ ਕੁਲਦੀਪ ਸਿੰਘ ਨੇ ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਬੰਦ ਦੀ ਸਫ਼ਲਤਾ ਲਈ ਸਮਾਜ ਦੇ ਹਰ ਵਰਗ, ਵਪਾਰੀਆਂ ਅਤੇ ਹੋਰ ਭਾਈਚਾਰਕ ਸੰਗਠਨਾਂ ਤੋਂ ਸਹਿਯੋਗ ਤੇ ਸਮਰਥਨ ਮੰਗਿਆ ਜਾ ਰਿਹਾ ਹੈ। ਪੂਰੇ ਪੰਜਾਬ ਵਿੱਚ ਟੀਮਾਂ ਗਠਿਤ ਕਰਕੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਤਾਂ ਜੋ 30 ਜੁਲਾਈ ਨੂੰ ਸੂਬੇ ਵਿੱਚ ਮੁਕੰਮਲ ਹੜਤਾਲ ਕਰਕੇ ਸਰਕਾਰ ਤੱਕ ਅਪਣੀ ਆਵਾਜ਼ ਪਹੁੰਚਾਈ ਜਾ ਸਕੇ।

ਸਫ਼ਾਈ ਕਰਮਚਾਰੀਆਂ ਦੀ ਇਸ ਹੜਤਾਲ ਦਾ ਅਸਰ ਸੂਬੇ ਦੇ ਸ਼ਹਿਰੀ ਢਾਂਚੇ ‘ਤੇ ਹੁਣੇ ਤੋਂ ਹੀ ਸਾਫ਼ ਦੇਖਣ ਨੂੰ ਮਿਲ ਰਿਹਾ ਹੈ। ਯੂਨੀਅਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀਆਂ ਕੁੱਲ 167 ਸ਼ਹਿਰੀ ਸਥਾਨਕ ਸੰਸਥਾਵਾਂ (ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ) ਵਿੱਚੋਂ ਬਹੁਗਿਣਤੀ ਥਾਵਾਂ ‘ਤੇ ਕੰਮ-ਕਾਜ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ। ਘਰਾਂ-ਘਰਾਂ ਤੋਂ ਕੂੜਾ ਚੁੱਕਣ (Door-to-Door Garbage Collection) ਅਤੇ ਇਸ ਦੇ ਵਿਗਿਆਨਕ ਪ੍ਰਬੰਧਨ ਦਾ ਕੰਮ ਬੰਦ ਹੋਣ ਕਾਰਨ ਗਲੀਆਂ, ਬਾਜ਼ਾਰਾਂ ਅਤੇ ਮੁੱਖ ਚੌਂਕਾਂ ਵਿੱਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਆਮ ਜਨਤਾ ਨੂੰ ਭਾਰੀ ਦਕੱਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੂਜੇ ਪਾਸੇ, ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਅਤੇ ਭਵਿੱਖਬਾਣੀ ਕੀਤੀ ਗਈ ਹੈ। ਜੇਕਰ ਮਾਨਸੂਨ ਦੇ ਇਸ ਮੌਸਮ ਦੌਰਾਨ ਸ਼ਹਿਰਾਂ ਅਤੇ ਕਸਬਿਆਂ ‘ਚੋਂ ਸਮੇਂ ਸਿਰ ਕੂੜਾ ਨਾ ਚੁੱਕਿਆ ਗਿਆ, ਤਾਂ ਸਫ਼ਾਈ ਵਿਵਸਥਾ ਹੋਰ ਵੀ ਬਦਤਰ ਹੋ ਜਾਵੇਗੀ। ਗਲੀਆਂ ਵਿੱਚ ਖੜ੍ਹੇ ਪਾਣੀ ਅਤੇ ਗਲੇ-ਸੜੇ ਕੂੜੇ ਕਾਰਨ ਡੇਂਗੂ, ਮਲੇਰੀਆ, ਹੈਜ਼ਾ ਅਤੇ ਚਮੜੀ ਦੇ ਰੋਗ ਫੈਲਣ ਦਾ ਵੱਡਾ ਖ਼ਤਰਾ ਬਣਿਆ ਹੋਇਆ ਹੈ, ਜਿਸ ਨਾਲ ਲੋਕਾਂ ਦੀ ਸਿਹਤ ਉੱਤੇ ਗੰਭੀਰ ਅਸਰ ਪੈ ਸਕਦਾ ਹੈ।

ਇਸ ਬੇਹੱਦ ਨਾਜ਼ੁਕ ਅਤੇ ਗੰਭੀਰ ਸਥਿਤੀ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ ਵੀ ਕਮਰ ਕੱਸ ਲਈ ਹੈ। ਸਰਕਾਰ ਵੱਲੋਂ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਨੇ ਹਦਾਇਤ ਕੀਤੀ ਹੈ ਕਿ ਕੂੜਾ ਇਕੱਠਾ ਕਰਨ ਅਤੇ ਸ਼ਹਿਰਾਂ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਤੁਰੰਤ ਬਦਲਵੇਂ ਪ੍ਰਬੰਧ ਸ਼ੁਰੂ ਕੀਤੇ ਜਾਣ।

ਠੇਕੇ ‘ਤੇ ਹੋਰ ਮਜ਼ਦੂਰਾਂ ਦੀਆਂ ਸੇਵਾਵਾਂ ਲੈਣ ਜਾਂ ਨਿਜੀ ਕੰਪਨੀਆਂ ਰਾਹੀਂ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਤਾਂ ਜੋ ਆਮ ਜਨਤਾ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਹਾਲਾਂਕਿ, ਹੁਣ ਦੇਖਣਾ ਇਹ ਹੋਵੇਗਾ ਕਿ 30 ਜੁਲਾਈ ਤੋਂ ਪਹਿਲਾਂ ਸਰਕਾਰ ਅਤੇ ਸਫ਼ਾਈ ਸੇਵਕਾਂ ਵਿਚਾਲੇ ਕੋਈ ਸਮਝੌਤਾ ਹੁੰਦਾ ਹੈ ਜਾਂ ਫਿਰ ਪੰਜਾਬ ਇੱਕ ਵਾਰ ਫਿਰ ਵੱਡੇ ਸ਼ਟਡਾਊਨ ਦਾ ਸਾਹਮਣਾ ਕਰੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।