ਭਗਵੰਤ ਮਾਨ ਦਾ ਵੱਡਾ ਐਲਾਨ; 1 ਅਗਸਤ ਨੂੰ 40 ਲੱਖ ਹੋਰ ਮਹਿਲਾਵਾਂ ਨੂੰ ਮਿਲੇਗੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਰਾਸ਼ੀ
ਚੰਡੀਗੜ੍ਹ, 30 ਜੁਲਾਈ 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਬੁੱਧਵਾਰ ਸ਼ਾਮ ਸਰਕਾਰੀ ਕਾਲਜ ਵਿਖੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸਨਾਤਨ ਸੇਵਾ ਸਮਿਤੀ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਧਾਰਮਿਕ ਸਮਾਗਮ ਵਿੱਚ ਮੌਜੂਦ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਲੋਕਾਂ ਨੂੰ ਸੰਬੋਧਨ ਕੀਤਾ।
ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ ਸੂਬੇ ਦੀਆਂ 25 ਲੱਖ ਮਾਵਾਂ ਅਤੇ ਭੈਣਾਂ ਦੇ ਖਾਤਿਆਂ ਵਿੱਚ ਇਸ ਯੋਜਨਾ ਤਹਿਤ ਰਾਸ਼ੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਅਗਸਤ ਨੂੰ ਹੋਰ 40 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ ਵੀ ਇਹ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੀ ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਜੋ ਵੀ ਬੀਜਿਆ ਜਾਂਦਾ ਹੈ, ਉਹ ਫਲਦਾ-ਫੁੱਲਦਾ ਹੈ, ਪਰ ਨਫ਼ਰਤ ਦਾ ਬੀਜ ਇਸ ਧਰਤੀ ‘ਤੇ ਕਦੇ ਨਹੀਂ ਉੱਗ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਆਪਸੀ ਪਿਆਰ, ਭਾਈਚਾਰੇ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਮਿਸਾਲ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਹਰ ਧਰਮ ਦੇ ਲੋਕ ਆਪਸੀ ਸਦਭਾਵਨਾ ਨਾਲ ਰਹਿੰਦੇ ਹਨ ਅਤੇ ਸਾਰੇ ਧਾਰਮਿਕ ਸਮਾਗਮ ਮਿਲਜੁਲ ਕੇ ਮਨਾਏ ਜਾਂਦੇ ਹਨ। ਇਸ ਮੌਕੇ ਧਾਰਮਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਰਹੇ।



