ਪੰਜਾਬ ਸਰਕਾਰ ਵੱਲੋਂ 2,000 ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ, 31 ਜੁਲਾਈ ਤੋਂ ਸ਼ੁਰੂ ਹੋਣਗੀਆਂ ਆਨਲਾਈਨ ਅਰਜ਼ੀਆਂ
ਚੰਡੀਗੜ੍ਹ, 30 ਜੁਲਾਈ 2026- ਪੰਜਾਬ ਵਿੱਚ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਪੰਜਾਬ ਸਰਕਾਰ ਨੇ ਪ੍ਰਾਇਮਰੀ ਕੈਡਰ ਵਿੱਚ 2,000 ਫਿਜ਼ੀਕਲ ਟ੍ਰੇਨਿੰਗ ਇੰਸਟਰਕਟਰ (ਪੀ.ਟੀ.ਆਈ.) ਅਧਿਆਪਕਾਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਇਸ ਭਰਤੀ ਲਈ ਆਨਲਾਈਨ ਅਰਜ਼ੀਆਂ 31 ਜੁਲਾਈ ਤੋਂ ਸਵੀਕਾਰ ਕੀਤੀਆਂ ਜਾਣਗੀਆਂ, ਜਿਸ ਨਾਲ ਲੰਬੇ ਸਮੇਂ ਤੋਂ ਸਰੀਰਕ ਸਿੱਖਿਆ ਅਧਿਆਪਕਾਂ ਦੀ ਭਰਤੀ ਦੀ ਉਡੀਕ ਕਰ ਰਹੇ ਯੋਗ ਉਮੀਦਵਾਰਾਂ ਨੂੰ ਵੱਡਾ ਮੌਕਾ ਮਿਲੇਗਾ।
ਸਿੱਖਿਆ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਭਰਤੀ ਨਾਲ ਸਬੰਧਤ ਵਿਦਿਅਕ ਯੋਗਤਾ, ਉਮਰ ਸੀਮਾ, ਰਾਖਵਾਂਕਰਨ, ਚੋਣ ਪ੍ਰਕਿਰਿਆ ਅਤੇ ਅਰਜ਼ੀ ਫ਼ੀਸ ਸਮੇਤ ਸਾਰੇ ਨਿਯਮ ਤੇ ਸ਼ਰਤਾਂ ਜਲਦ ਜਾਰੀ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਉਮੀਦਵਾਰਾਂ ਦੀ ਸਹੂਲਤ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ, ਤਾਂ ਜੋ ਅਰਜ਼ੀ ਪ੍ਰਕਿਰਿਆ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ।
ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਰਚ 2022 ਤੋਂ ਹੁਣ ਤੱਕ 67 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 16,308 ਨਿਯੁਕਤੀਆਂ ਸਿੱਖਿਆ ਵਿਭਾਗ ਵਿੱਚ ਹੋਈਆਂ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ, ਬਿਜਲੀ, ਸਿਹਤ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਵਿੱਚ ਵੀ ਹਜ਼ਾਰਾਂ ਅਸਾਮੀਆਂ ਭਰੀਆਂ ਜਾਣ ਦਾ ਦਾਅਵਾ ਕੀਤਾ ਗਿਆ ਹੈ।
ਸਰਕਾਰ ਨੇ ਇਹ ਵੀ ਕਿਹਾ ਹੈ ਕਿ ਭਰਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ, ਬਿਨਾਂ ਕਿਸੇ ਰਿਸ਼ਵਤ ਜਾਂ ਸਿਆਸੀ ਸਿਫ਼ਾਰਸ਼ ਦੇ ਕੀਤੀਆਂ ਜਾ ਰਹੀਆਂ ਹਨ। ਨਾਲ ਹੀ 2022 ਤੋਂ ਬਾਅਦ ਭਰਤੀ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਦਾ ਕੋਈ ਮਾਮਲਾ ਸਾਹਮਣੇ ਨਾ ਆਉਣ ਦਾ ਦਾਅਵਾ ਵੀ ਕੀਤਾ ਗਿਆ ਹੈ। ਸਰਕਾਰ ਅਨੁਸਾਰ ਇਸ ਕਦਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਅੰਦਰ ਹੀ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਵਿਦੇਸ਼ਾਂ ਵੱਲ ਹੋ ਰਹੇ ਪਲਾਇਨ ਨੂੰ ਰੋਕਣਾ ਹੈ।



