ਪੇਪਰ ਲੀਕ ਮਾਮਲੇ ‘ਚ ਏਬੀਵੀਪੀ ਦਾ ਚੰਡੀਗੜ੍ਹ ‘ਚ ਵੱਡਾ ਪ੍ਰਦਰਸ਼ਨ, ਹਰਜੋਤ ਬੈਂਸ ਦੀ ਕੋਠੀ ਵੱਲ ਮਾਰਚ ਦੌਰਾਨ ਕਈ ਆਗੂ ਹਿਰਾਸਤ ‘ਚ
ਚੰਡੀਗੜ੍ਹ, 1 ਅਗਸਤ 2026: ਪੰਜਾਬ ਵਿੱਚ ਪੇਪਰ ਲੀਕ ਮਾਮਲੇ ਨੂੰ ਲੈ ਕੇ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ABVP) ਵੱਲੋਂ ਚੰਡੀਗੜ੍ਹ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਵਿਦਿਆਰਥੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਰਕਾਰੀ ਰਿਹਾਇਸ਼ ਦਾ ਘੇਰਾਓ ਕਰਨ ਲਈ ਅੱਗੇ ਵੱਧ ਰਹੇ ਸਨ ਅਤੇ ਮੰਤਰੀ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰ ਰਹੇ ਸਨ।
ਏਬੀਵੀਪੀ ਦੇ ਕਾਰਕੁਨਾਂ ਦਾ ਦੋਸ਼ ਸੀ ਕਿ ਪੇਪਰ ਲੀਕ ਦੀਆਂ ਲਗਾਤਾਰ ਘਟਨਾਵਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ ਅਤੇ ਸਰਕਾਰ ਇਸ ਮਾਮਲੇ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਜਦੋਂ ਏਬੀਵੀਪੀ ਦੇ ਵਿਦਿਆਰਥੀ ਆਗੂ ਅਤੇ ਵਰਕਰ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅਪੂਰਨ ਸਥਿਤੀ ਬਣ ਗਈ। ਹਾਲਾਤ ਨੂੰ ਕਾਬੂ ਵਿੱਚ ਰੱਖਣ ਲਈ ਪੁਲਿਸ ਨੇ ਏਬੀਵੀਪੀ ਦੇ ਕਈ ਆਗੂਆਂ ਅਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਨਾ ਦਿੱਤੀ ਗਈ ਅਤੇ ਜ਼ਿੰਮੇਵਾਰੀ ਤੈਅ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਕਾਰਨ ਇਲਾਕੇ ਵਿੱਚ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ ਅਤੇ ਪੁਲਿਸ ਨੇ ਸੁਰੱਖਿਆ ਦੇ ਮੱਦੇਨਜ਼ਰ ਵਾਧੂ ਫੋਰਸ ਤਾਇਨਾਤ ਕੀਤੀ।



