ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ-ਨਿਰਦੇਸ਼ਕ ਮਨਜੀਤ ਸਰਾਂ ਦਾ ਦਿਹਾਂਤ
ਚੰਡੀਗੜ੍ਹ, 3 ਅਗਸਤ 2026- ਪੰਜਾਬੀ ਫ਼ਿਲਮ ਇੰਡਸਟਰੀ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ ਸਰਾਂ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਫ਼ਿਲਮ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਅਨੁਸਾਰ ਮਨਜੀਤ ਸਰਾਂ ਲੰਘੇ ਦਿਨ ਆਪਣੇ ਜੱਦੀ ਪਿੰਡ ਫਤਿਹਗੜ੍ਹ ਕੋਰੋਟਾਣਾ ਸਥਿਤ ਘਰ ਵਿੱਚ ਮ੍ਰਿਤਕ ਹਾਲਤ ਵਿੱਚ ਮਿਲੇ। ਉਨ੍ਹਾਂ ਦੀ ਮੌਤ ਕਿਹੜੇ ਕਾਰਨਾਂ ਕਰਕੇ ਹੋਈ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ।
ਦੱਸਿਆ ਜਾ ਰਿਹਾ ਹੈ ਕਿ ਮਨਜੀਤ ਸਰਾਂ ਪਿਛਲੇ ਕਾਫ਼ੀ ਸਮੇਂ ਤੋਂ ਆਪਣੇ ਪਰਿਵਾਰ ਨਾਲ ਕੈਨੇਡਾ ਵਿੱਚ ਰਹਿ ਰਹੇ ਸਨ। ਉਹ ਕੁਝ ਸਮਾਂ ਪਹਿਲਾਂ ਹੀ ਆਪਣੇ ਜੱਦੀ ਪਿੰਡ ਆਏ ਹੋਏ ਸਨ। ਉਨ੍ਹਾਂ ਦੇ ਅਚਾਨਕ ਦਿਹਾਂਤ ਨੇ ਪਰਿਵਾਰ, ਦੋਸਤਾਂ ਅਤੇ ਫ਼ਿਲਮੀ ਜਗਤ ਨੂੰ ਗਹਿਰਾ ਸਦਮਾ ਦਿੱਤਾ ਹੈ।
ਪਰਿਵਾਰਕ ਸੂਤਰਾਂ ਮੁਤਾਬਕ ਮਨਜੀਤ ਸਰਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੀ ਪਤਨੀ, ਪੁੱਤਰ ਅਤੇ ਧੀਆਂ ਦੇ ਕੈਨੇਡਾ ਤੋਂ ਵਾਪਸ ਪੰਜਾਬ ਪਹੁੰਚਣ ਤੋਂ ਬਾਅਦ ਕੀਤਾ ਜਾਵੇਗਾ।



