- ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਵੱਲੋਂ ਦਸਵੇਂ ਦਿਨ ਵੀ ਹੜਤਾਲ ਜਾਰੀ, ਕੀਤਾ ਪੁਤਲਾ ਫੂਕ ਪ੍ਰਦਰਸ਼ਨ
- ਮੁੱਖ ਦਫਤਰ ਪੱਛਮ ਜੋਨ ਅੱਜ ਹੜਤਾਲ ਦਸਵੇਂ ਦਿਨ ਵੀ ਜਾਰੀ ਤੇ ਪੁਤਲਾ ਫੂਕ ਪ੍ਰਦਰਸ਼ਨ :-
- 4 ਅਗਸਤ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਪ੍ਰੀਵਾਰਾਂ ਸਮੇਤ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ :-ਕਮੇਟੀ ਆਗੂ
ਬਠਿੰਡਾ, 03 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ (ਪੰਜਾਬ) ਦੇ ਸੱਦੇ ਤੇ ਮੁੱਖ ਦਫਤਰ ਪੱਛਮ ਜੋਨ ਦੇ ਅੱਗੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਦਸਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਿਰ ਕੋਆਰਡੀਨੇਸ਼ਨ ਕਮੇਟੀ ਦੇ ਸੂਬਾਈ ਆਗੂਆਂ ਗੁਰਵਿੰਦਰ ਸਿੰਘ ਅਨਿਲ ਕੁਮਾਰ ਕਰਮਜੀਤ ਸਿੰਘ ਗੁਰਜੀਤ ਸਿੰਘ ਗੁਰਦਿੱਤ ਸਿੰਘ ਗੋਰਾ ਇਕਬਾਲ ਸਿੰਘ ਸੰਦੀਪ ਕੁਮਾਰ ਤੇ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ 30 ਜੂਨ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਲਿਖਤੀ ਸਮਝੌਤਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ।
ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ‘ਕੋਆਰਡੀਨੇਸ਼ਨ ਕਮੇਟੀ ਪੰਜਾਬ’ ਦੇ ਬੈਨਰ ਹੇਠ 04 ਅਗਸਤ ਨੂੰ ਵਿਭਾਗ ਦੇ ਮੁੱਖ ਦਫ਼ਤਰ ਸਾਹਮਣੇ ਪ੍ਰੀਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜਦ ਤੱਕ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ। ਅੱਜ ਦੀ ਇਕੱਤਰਤਾ ਨੂੰ ਮਿਥਨ ਕੁਮਾਰ ਦਿਨੇਸ਼ ਕੁਮਾਰ ਰਾਮ ਰਤਨ ਸੁਖਮੰਦਰ ਸਿੰਘ ਨੇ ਵੀ ਸੰਬੋਧਨ ਕੀਤਾ।



