ਪ੍ਰਾਈਵੇਟ ਸਕੂਲਾਂ ਦੀ ਫੀਸ ਕੈਪਿੰਗ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਮੰਗਿਆ ਜਵਾਬ
ਚੰਡੀਗੜ੍ਹ, 4 ਅਗਸਤ 2026- ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧੇ ‘ਤੇ ਸਰਕਾਰ ਵੱਲੋਂ ਲਗਾਈ ਗਈ 5 ਫੀਸਦੀ ਦੀ ਸੀਮਾ ਹੁਣ ਕਾਨੂੰਨੀ ਜਾਂਚ ਦੇ ਘੇਰੇ ਵਿੱਚ ਆ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਆਪਣਾ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ।
ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਇੱਕ ਆਰਡੀਨੈਂਸ ਰਾਹੀਂ ਪ੍ਰਾਈਵੇਟ ਸਕੂਲਾਂ ਨੂੰ ਸਾਲਾਨਾ ਫੀਸ ਵਿੱਚ 5 ਫੀਸਦੀ ਤੋਂ ਵੱਧ ਵਾਧਾ ਕਰਨ ਤੋਂ ਰੋਕ ਦਿੱਤਾ ਸੀ। ਸਰਕਾਰ ਦੇ ਇਸ ਫੈਸਲੇ ਨੂੰ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਪਟੀਸ਼ਨ ਵਿੱਚ ਐਸੋਸੀਏਸ਼ਨ ਨੇ ਦਲੀਲ ਦਿੱਤੀ ਹੈ ਕਿ ਸਰਕਾਰ ਦਾ ਇਹ ਆਰਡੀਨੈਂਸ ਨਿੱਜੀ ਸਕੂਲਾਂ ਦੇ ਪ੍ਰਬੰਧਕੀ ਅਤੇ ਵਿੱਤੀ ਅਧਿਕਾਰਾਂ ਵਿੱਚ ਦਖਲਅੰਦਾਜ਼ੀ ਕਰਦਾ ਹੈ। ਇਸ ਲਈ ਸਰਕਾਰ ਦੇ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਹੈ। ਹੁਣ ਸਰਕਾਰ ਵੱਲੋਂ ਅਦਾਲਤ ਵਿੱਚ ਜਵਾਬ ਦਾਖਲ ਕਰਨ ਤੋਂ ਬਾਅਦ ਹੀ ਅਗਲੀ ਸੁਣਵਾਈ ਦੌਰਾਨ ਇਹ ਸਪੱਸ਼ਟ ਹੋਵੇਗਾ ਕਿ ਫੀਸ ਕੈਪਿੰਗ ਸਬੰਧੀ ਆਰਡੀਨੈਂਸ ਨੂੰ ਬਰਕਰਾਰ ਰੱਖਿਆ ਜਾਵੇਗਾ ਜਾਂ ਇਸ ਵਿੱਚ ਕੋਈ ਤਬਦੀਲੀ ਕੀਤੀ ਜਾਵੇਗੀ।



