E-20 ਪੈਟਰੋਲ ਦੇ ਮੁੱਦੇ ‘ਤੇ ਕੇਜਰੀਵਾਲ ਦਾ PM ਰਿਹਾਇਸ਼ ਵੱਲ ਮਾਰਚ, ਕਿਹਾ- ਲੋਕਾਂ ਦੀ ਆਵਾਜ਼ ਦਬਾਈ ਨਾ ਜਾਵੇ

Top Trending News ਦਿੱਲੀ ਰਾਸ਼ਟਰੀ

 

E-20 ਪੈਟਰੋਲ ਦੇ ਮੁੱਦੇ ‘ਤੇ ਕੇਜਰੀਵਾਲ ਦਾ PM ਰਿਹਾਇਸ਼ ਵੱਲ ਮਾਰਚ, ਕਿਹਾ- ਲੋਕਾਂ ਦੀ ਆਵਾਜ਼ ਦਬਾਈ ਨਾ ਜਾਵੇ

ਨਵੀਂ ਦਿੱਲੀ, 4 ਅਗਸਤ 2026: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ E-20 ਪੈਟਰੋਲ ਨੀਤੀ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਦੀ ਸ਼ੁਰੂਆਤ ਕੀਤੀ। ਪਾਰਟੀ ਹੈੱਡਕੁਆਰਟਰ ਤੋਂ ਕਰੀਬ 100 ਸਮਰਥਕਾਂ ਅਤੇ ਆਗੂਆਂ ਦੇ ਨਾਲ ਸ਼ੁਰੂ ਹੋਏ ਇਸ ਮਾਰਚ ਦੌਰਾਨ ਕੇਜਰੀਵਾਲ ਨੇ ਕੇਂਦਰ ਸਰਕਾਰ ਦੀ ਨੀਤੀ ‘ਤੇ ਸਵਾਲ ਉਠਾਉਂਦੇ ਹੋਏ ਇਸ ਨੂੰ ਲੋਕ ਹਿੱਤਾਂ ਦੇ ਖ਼ਿਲਾਫ਼ ਕਰਾਰ ਦਿੱਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਵਿਦੇਸ਼ੀ ਦਬਾਅ ਹੇਠ ਅਮਰੀਕਾ ਤੋਂ ਈਥਾਨੌਲ ਆਯਾਤ ਕਰ ਰਹੇ ਹਨ ਅਤੇ E-20 ਪੈਟਰੋਲ ਨੂੰ ਦੇਸ਼ ਦੇ ਲੋਕਾਂ ‘ਤੇ ਥੋਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਦੇਸ਼ ਦੇ ਹਿੱਤਾਂ ਦੀ ਬਜਾਏ ਬਾਹਰੀ ਦਬਾਅ ਦੇ ਪ੍ਰਭਾਵ ਹੇਠ ਲਿਆ ਗਿਆ ਜਾਪਦਾ ਹੈ, ਜਿਸ ਨੂੰ ਲੋਕ ਸਵੀਕਾਰ ਨਹੀਂ ਕਰ ਰਹੇ।

ਕੇਜਰੀਵਾਲ ਨੇ ਦੱਸਿਆ ਕਿ ਇਸ ਮੁੱਦੇ ਨੂੰ ਲੈ ਕੇ ਦੇਸ਼ ਭਰ ਦੇ 2 ਲੱਖ ਤੋਂ ਵੱਧ ਲੋਕਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮਾਰਚ ਦਾ ਮਕਸਦ ਇਹ ਪੱਤਰ ਪ੍ਰਧਾਨ ਮੰਤਰੀ ਤੱਕ ਪਹੁੰਚਾਉਣਾ ਹੈ ਤਾਂ ਜੋ ਲੋਕਾਂ ਦੀ ਆਵਾਜ਼ ਸਿੱਧੇ ਤੌਰ ‘ਤੇ ਸਰਕਾਰ ਤੱਕ ਪਹੁੰਚ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸ਼ਾਂਤੀਪੂਰਨ ਢੰਗ ਨਾਲ ਕੀਤੇ ਜਾ ਰਹੇ ਇਸ ਮਾਰਚ ਨੂੰ ਨਹੀਂ ਰੋਕਿਆ ਜਾਵੇਗਾ ਅਤੇ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੀ ਗੱਲ ਸਰਕਾਰ ਤੱਕ ਪਹੁੰਚਾਉਣ ਦਾ ਅਧਿਕਾਰ ਹੈ। ਇਸ ਮਾਰਚ ਨੂੰ ਲੈ ਕੇ ਰਾਜਧਾਨੀ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ।