- ਆਪ ਅਤੇ ਭਾਜਪਾ ਨੂੰ ਛੱਡ ਕੇ ਆਏ 50 ਤੋਂ ਵੱਧ ਪਰਿਵਾਰਾਂ ਨੇ ਬਲਬੀਰ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਾ ਫੜਿਆ ਪੱਲਾ
- 2027 ਵਿੱਚ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ – ਬਲਬੀਰ ਸਿੰਘ ਸਿੱਧੂ
ਮੋਹਾਲੀ, 4 ਅਗਸਤ 2026, (ਦੇਸ਼ ਕਲਿੱਕ ਬਿਊਰੋ): ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਕੁੰਬੜਾ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਆਏ 50 ਤੋਂ ਵੱਧ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ, ਵਰਕਰ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ। ਬਲਬੀਰ ਸਿੰਘ ਸਿੱਧੂ ਨੇ ਨਵੇਂ ਸਾਥੀਆਂ ਨੂੰ ਪਾਰਟੀ ਦਾ ਸਿਰੋਪਾਓ ਪਹਿਨਾ ਕੇ ਅਤੇ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਪਰਿਵਾਰ ਦਾ ਦਿਲੋਂ ਸਵਾਗਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਆਪਣੇ ਵਰਕਰਾਂ ਅਤੇ ਆਮ ਲੋਕਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਪੂਰਾ ਸਨਮਾਨ, ਯੋਗਤਾ ਅਨੁਸਾਰ ਜ਼ਿੰਮੇਵਾਰੀ ਅਤੇ ਸੰਗਠਨ ਵਿੱਚ ਅੱਗੇ ਵਧਣ ਦਾ ਬਰਾਬਰ ਮੌਕਾ ਦਿੱਤਾ ਜਾਵੇਗਾ। ਕਾਂਗਰਸ ਦੀ ਤਾਕਤ ਉਸਦੇ ਸਮਰਪਿਤ ਵਰਕਰ ਹਨ ਅਤੇ ਹਰ ਨਵਾਂ ਸਾਥੀ ਇਸ ਪਰਿਵਾਰ ਦਾ ਅਹਿਮ ਹਿੱਸਾ ਹੈ।
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦਾ ਪੱਕਾ ਮਨ ਬਣਾ ਚੁੱਕੇ ਹਨ ਅਤੇ 2027 ਵਿੱਚ ਕਾਂਗਰਸ ਪਾਰਟੀ ਨੂੰ ਮੁੜ ਸੇਵਾ ਦਾ ਮੌਕਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਬੂਥ ਪੱਧਰ ਤੋਂ ਲੈ ਕੇ ਪਿੰਡ, ਵਾਰਡ, ਬਲਾਕ ਅਤੇ ਹਲਕਾ ਪੱਧਰ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਲੋਕਾਂ ਦੇ ਭਰੋਸੇ ਅਤੇ ਸਹਿਯੋਗ ਨਾਲ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ, ਜੋ ਹਰ ਵਰਗ ਦੀਆਂ ਉਮੀਦਾਂ ‘ਤੇ ਖਰੀ ਉਤਰਦਿਆਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ, ਕਿਸਾਨਾਂ ਦੇ ਹੱਕਾਂ ਦੀ ਰਾਖੀ ਕਰੇਗੀ, ਵਪਾਰੀਆਂ ਲਈ ਅਨੁਕੂਲ ਮਾਹੌਲ ਯਕੀਨੀ ਬਣਾਏਗੀ ਅਤੇ ਵਿਕਾਸ, ਖੁਸ਼ਹਾਲੀ ਤੇ ਲੋਕ ਭਲਾਈ ਨੂੰ ਆਪਣੀ ਪਹਿਲ ਬਣਾਏਗੀ।
ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸ਼ਮੂਲੀਅਤ ਸਿਰਫ਼ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਨਹੀਂ, ਸਗੋਂ ਪੰਜਾਬ ਦੇ ਬਿਹਤਰ ਭਵਿੱਖ ਲਈ ਲੋਕਾਂ ਦੇ ਵੱਧਦੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਤੱਕ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪਹੁੰਚਾਉਣ, ਲੋਕਾਂ ਦੀਆਂ ਸਮੱਸਿਆਵਾਂ ਨੂੰ ਪੂਰੀ ਤਾਕਤ ਨਾਲ ਉਠਾਉਣ ਅਤੇ 2027 ਵਿੱਚ ਪੰਜਾਬ ਵਿੱਚ ਇੱਕ ਮਜ਼ਬੂਤ, ਲੋਕ-ਪੱਖੀ ਅਤੇ ਵਿਕਾਸਮੁਖੀ ਕਾਂਗਰਸ ਸਰਕਾਰ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ।
ਇਸ ਮੌਕੇ ਸਾਬਕਾ ਮੇਅਰ ਮੋਹਾਲੀ ਸ. ਅਮਰਜੀਤ ਸਿੰਘ ਜੀਤੀ ਸਿੱਧੂ, ਕੰਵਰਬੀਰ ਸਿੰਘ ਸਿੱਧੂ (ਰੂਬੀ), ਪ੍ਰਦੀਪ ਤੰਗੋਰੀ, ਮੁਕੁਲ ਸ਼ਰਮਾ, ਬਲਬੀਰ ਸਿੰਘ ਮੋਟੇਮਾਜਰਾ, ਮਨਦੀਪ ਸਿੰਘ ਕੁੰਬੜਾ, ਅਨੁਜ ਵਰਮਾ (ਕਾਲੀ), ਰਮੇਸ਼ ਵਰਮਾ, ਬਚਨ ਸਿੰਘ (ਸਾਬਕਾ ਪ੍ਰਧਾਨ, ਬਾਲਮੀਕੀ ਕਮੇਟੀ), ਅਵਤਾਰ ਸਿੰਘ, ਹਰਬੰਸ ਸਿੰਘ, ਪਲਵਿੰਦਰ ਸਿੰਘ, ਰੁਬਲ, ਬੰਟੀ, ਰਾਜਨ, ਜਤਿੰਦਰ ਸਿੰਘ, ਜਗਦੀਪ ਸਿੰਘ, ਬਲਜੀਤ ਕੌਰ, ਸਵਰਣ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ, ਲਖਵੀਰ ਕੌਰ, ਰਜਨੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।



