ਪੰਜਾਬ ਸਰਕਾਰ ਦਾ ਵੱਡਾ ਬਿਆਨ: DA ਮਾਮਲੇ ’ਚ ਹਾਈਕੋਰਟ ਦੇ ਫੈਸਲੇ ਦੀ ਕਰ ਰਹੇ ਹਾਂ ਸਮੀਖਿਆ, ਫਿਰ ਲਿਆ ਜਾਵੇਗਾ ਅਗਲਾ ਫੈਸਲਾ

Top Trending News ਪੰਜਾਬ
  • ਪੰਜਾਬ ਸਰਕਾਰ ਦਾ ਵੱਡਾ ਬਿਆਨ: DA ਮਾਮਲੇ ’ਚ ਹਾਈਕੋਰਟ ਦੇ ਫੈਸਲੇ ਦੀ ਕਰ ਰਹੇ ਹਾਂ ਸਮੀਖਿਆ, ਫਿਰ ਲਿਆ ਜਾਵੇਗਾ ਅਗਲਾ ਫੈਸਲਾ

ਚੰਡੀਗੜ੍ਹ, 4 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਹਿੰਗਾਈ ਭੱਤੇ (DA) ਦੇ ਬਕਾਏ ਸਬੰਧੀ ਦਿੱਤੇ ਗਏ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਦਾ ਪਹਿਲਾ ਅਧਿਕਾਰਕ ਬਿਆਨ ਸਾਹਮਣੇ ਆਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਹਾਈਕੋਰਟ ਦੇ ਫੈਸਲੇ ਦਾ ਗੰਭੀਰਤਾ ਨਾਲ ਅਧਿਐਨ ਅਤੇ ਸਮੀਖਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫੈਸਲੇ ਦੀ ਪੂਰੀ ਸਮੀਖਿਆ ਤੋਂ ਬਾਅਦ ਹੀ ਸਰਕਾਰ ਆਪਣਾ ਅਗਲਾ ਕਦਮ ਤੈਅ ਕਰੇਗੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਾਈਕੋਰਟ ਦਾ ਫੈਸਲਾ ਸਰਕਾਰ ਵੱਲੋਂ ਪੇਸ਼ ਕੀਤੀਆਂ ਦਲੀਲਾਂ ਦੇ ਅਨੁਸਾਰ ਨਹੀਂ ਆਇਆ। ਇਸ ਲਈ ਕਾਨੂੰਨੀ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ।

ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ’ਤੇ DA ਦਾ ਕੁੱਲ ਲਗਭਗ 14 ਹਜ਼ਾਰ ਕਰੋੜ ਰੁਪਏ ਬਕਾਇਆ ਸੀ, ਜਿਸ ਵਿੱਚੋਂ ਕਰੀਬ 6 ਹਜ਼ਾਰ ਕਰੋੜ ਰੁਪਏ ਸਰਕਾਰ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਵੀ DA ਦੇਣ ਲਈ ਤਿਆਰ ਹੈ।

ਚੀਮਾ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਪਹਿਲਾਂ ਹੀ ਦੇਸ਼ ਦੇ ਸਭ ਤੋਂ ਉੱਚੇ ਤਨਖ਼ਾਹ ਸਕੇਲਾਂ ਵਿੱਚੋਂ ਇੱਕ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਪੇ-ਸਕੇਲ ਅਨੁਸਾਰ ਤਨਖ਼ਾਹ ਦਿੱਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਾਲ ਹੀ ਵਿੱਚ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਮਹਿੰਗਾਈ ਭੱਤੇ (DA) ਸਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਸੀ। ਇਸ ਮਾਮਲੇ ਵਿੱਚ ਹੁਣ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਅਦਾਲਤ ਦੇ ਫੈਸਲੇ ਦਾ ਕਾਨੂੰਨੀ ਅਧਿਐਨ ਕਰਨ ਤੋਂ ਬਾਅਦ ਹੀ ਅਗਲਾ ਰੁਖ ਤੈਅ ਕਰੇਗੀ।

ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਹਾਈਕੋਰਟ ਦੀ ਸਮੀਖਿਆ ਤੋਂ ਬਾਅਦ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਕੀ ਫੈਸਲਾ ਲੈਂਦੀ ਹੈ।