ਵੱਡੀ ਖ਼ਬਰ: ਪੰਜਾਬ ‘ਚ ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ

Top Trending News ਪੰਜਾਬ

 

ਵੱਡੀ ਖ਼ਬਰ: ਪੰਜਾਬ ‘ਚ ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ

ਝਬਾਲ, 5 ਅਗਸਤ 2026

ਤਰਨਤਾਰਨ ਜ਼ਿਲ੍ਹੇ ਦੇ ਕਸਬਾ ਝਬਾਲ ਵਿਖੇ ਇੱਕ ਬੇਹੱਦ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਟਰੈਕਟਰ ਚਾਲਕ ਵੱਲੋਂ ਗੋਲੀਆਂ ਚਲਾ ਕੇ ਦੋ ਸਕੇ ਭਰਾਵਾਂ ਦਾ ਕਤਲ ਕਰ ਦਿੱਤਾ ਗਿਆ। ਇਹ ਖੂਨੀ ਝੜਪ ਗੱਡੀ ਨੂੰ ਰਸਤਾ ਦੇਣ ਦੇ ਵਿਵਾਦ ਤੋਂ ਸ਼ੁਰੂ ਹੋਈ ਸੀ, ਪਰ ਇਸ ਦੇ ਪਿੱਛੇ ਪੁਰਾਣੀ ਦੁਸ਼ਮਣੀ ਨੂੰ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਇੱਕ ਨੌਜਵਾਨ ਸਨਮ ਆਪਣੀ ਕਾਰ ਵਿੱਚ ਘਰ ਪਰਤ ਰਿਹਾ ਸੀ। ਰਸਤੇ ਵਿੱਚ ਸਾਹਮਣੇ ਤੋਂ ਟਰੈਕਟਰ ਲੈ ਕੇ ਆ ਰਹੇ ਕੀਰਤ ਨਾਮਕ ਨੌਜਵਾਨ ਨਾਲ ਰਸਤਾ ਨਾ ਦੇਣ ਕਾਰਨ ਉਸ ਦੀ ਬਹਿਸ ਹੋ ਗਈ। ਝਗੜੇ ਦੀ ਆਵਾਜ਼ ਸੁਣ ਕੇ ਸਨਮ ਦੇ ਪਿਤਾ ਗੁਰਵਿੰਦਰ ਸਿੰਘ ਅਤੇ ਚਾਚਾ ਕੁਲਵਿੰਦਰ ਸਿੰਘ ਮਿੰਟੂ ਮੌਕੇ ‘ਤੇ ਪਹੁੰਚ ਗਏ। ਇਸੇ ਦੌਰਾਨ ਟਰੈਕਟਰ ਚਾਲਕ ਕੀਰਤ ਨੇ ਆਪਣੀ ਪਿਸਤੌਲ ਕੱਢ ਕੇ ਦੋਵਾਂ ਭਰਾਵਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਦੋਵਾਂ ਭਰਾਵਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਪਰਿਵਾਰ ਮੁਤਾਬਕ ਸਨਮ ਅਤੇ ਕੀਰਤ ਵਿਚਾਲੇ ਕੁਝ ਸਮਾਂ ਪਹਿਲਾਂ ਵੀ ਤਕਰਾਰ ਹੋਇਆ ਸੀ, ਜਿਸ ਕਾਰਨ ਇਹ ਵਾਰਦਾਤ ਅੰਜਾਮ ਦਿੱਤੀ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝਬਾਲ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਘਟਨਾ ਵਾਲੀ ਥਾਂ ਤੋਂ ਟਰੈਕਟਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।