ਨੌਕਰੀਆਂ ਦੇ ਮੁੱਦੇ ‘ਤੇ ਵਿਧਾਨ ਸਭਾ ‘ਚ ਤਿੱਖੀ ਤਕਰਾਰ; ਅਮਨ ਅਰੋੜਾ ਦਾ ਕਾਂਗਰਸੀ MLA ਹਰਦੇਵ ਲਾਡੀ ਨੂੰ ਅਸਤੀਫ਼ੇ ਦਾ ਚੈਲੇਂਜ

Top Trending News ਪੰਜਾਬ

 

ਨੌਕਰੀਆਂ ਦੇ ਮੁੱਦੇ ‘ਤੇ ਵਿਧਾਨ ਸਭਾ ‘ਚ ਤਿੱਖੀ ਤਕਰਾਰ; ਅਮਨ ਅਰੋੜਾ ਦਾ ਕਾਂਗਰਸੀ MLA ਹਰਦੇਵ ਲਾਡੀ ਨੂੰ ਅਸਤੀਫ਼ੇ ਦਾ ਚੈਲੇਂਜ

ਚੰਡੀਗੜ੍ਹ, 5 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਸਰਕਾਰੀ ਨੌਕਰੀਆਂ ਦੇ ਮੁੱਦੇ ‘ਤੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਵਿਚਾਲੇ ਤਿੱਖੀ ਬਹਿਸ ਦੇਖਣ ਨੂੰ ਮਿਲੀ। ਬਹਿਸ ਇਸ ਕਦਰ ਗਰਮਾ ਗਈ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਨੂੰ ਖੁੱਲ੍ਹਾ ਚੈਲੇਂਜ ਦੇ ਦਿੱਤਾ। ਹੰਗਾਮੇ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ।

ਸਦਨ ਵਿੱਚ ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਨੌਕਰੀਆਂ ਸਬੰਧੀ ਧੰਨਵਾਦੀ ਮਤਾ ਪੇਸ਼ ਕੀਤਾ ਗਿਆ। ਇਸ ਦੌਰਾਨ ਸੱਤਾਧਾਰੀ ਧਿਰ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਹੁਣ ਤੱਕ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਇਸ ‘ਤੇ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਨੇ ਸਰਕਾਰ ਦੇ ਦਾਅਵਿਆਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਕਿਸੇ ਵੀ ਨੌਜਵਾਨ ਨੂੰ ਸਰਕਾਰੀ ਨੌਕਰੀ ਨਹੀਂ ਮਿਲੀ।

ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਜੇਕਰ ਸ਼ਾਹਕੋਟ ਵਿੱਚ ਜਨਤਕ ਇਕੱਠ ਦੌਰਾਨ ਲੋਕ ਇਹ ਕਹਿ ਦੇਣ ਕਿ ਉਨ੍ਹਾਂ ਦੇ ਹਲਕੇ ਵਿੱਚ ਕਿਸੇ ਨੂੰ ਵੀ ਸਰਕਾਰੀ ਨੌਕਰੀ ਨਹੀਂ ਮਿਲੀ, ਤਾਂ ਉਹ ਆਪਣਾ ਅਸਤੀਫ਼ਾ ਦੇਣ ਲਈ ਤਿਆਰ ਹਨ। ਉਨ੍ਹਾਂ ਨਾਲ ਹੀ ਪਲਟਵਾਂ ਚੈਲੇਂਜ ਦਿੰਦਿਆਂ ਕਿਹਾ ਕਿ ਜੇ ਇਕ ਵੀ ਨੌਜਵਾਨ ਨੌਕਰੀ ਮਿਲਣ ਦੀ ਪੁਸ਼ਟੀ ਕਰ ਦੇਵੇ, ਤਾਂ ਹਰਦੇਵ ਲਾਡੀ ਨੂੰ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

ਅਮਨ ਅਰੋੜਾ ਦੇ ਇਸ ਬਿਆਨ ਤੋਂ ਬਾਅਦ ਸਦਨ ਵਿੱਚ ਹੰਗਾਮਾ ਹੋ ਗਿਆ ਅਤੇ ਦੋਵਾਂ ਧਿਰਾਂ ਵਿਚਾਲੇ ਤਿੱਖੀ ਨੋਕ-ਝੋਕ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਅਗਲੇ ਦਿਨ ਤੱਕ ਲਈ ਮੁਲਤਵੀ ਕਰ ਦਿੱਤੀ ਗਈ।