2027 ਚੋਣਾਂ ‘ਚ ਕੁਲਬੀਰ ਜ਼ੀਰਾ ਦਾ ‘ਦਿੱਗਜ ਬਨਾਮ ਦਿੱਗਜ’ ਫਾਰਮੂਲਾ, ਕਾਂਗਰਸ ਹਾਈਕਮਾਨ ਅੱਗੇ ਰੱਖੀ ਵੱਡੀ ਮੰਗ
ਚੰਡੀਗੜ੍ਹ, 5 ਅਗਸਤ 2026: ਪੰਜਾਬ ਕਾਂਗਰਸ ਵੱਲੋਂ ਚਲਾਈ ਜਾ ਰਹੀ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਦੌਰਾਨ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਹਾਈਕਮਾਨ ਅੱਗੇ ਇੱਕ ਨਵਾਂ ਫਾਰਮੂਲਾ ਰੱਖਿਆ ਹੈ। ਜ਼ੀਰਾ ਨੇ ਸੁਝਾਅ ਦਿੱਤਾ ਹੈ ਕਿ ਵਿਰੋਧੀ ਧਿਰਾਂ ਦੇ ਵੱਡੇ ਚਿਹਰਿਆਂ ਨੂੰ ਟੱਕਰ ਦੇਣ ਲਈ ਕਾਂਗਰਸ ਆਪਣੇ ਦਿੱਗਜ ਆਗੂਆਂ ਨੂੰ ਸਿੱਧੇ ਚੋਣ ਮੈਦਾਨ ਵਿੱਚ ਉਤਾਰੇ।
ਫਾਜ਼ਿਲਕਾ ਅਤੇ ਫਿਰੋਜ਼ਪੁਰ ਦੌਰੇ ਦੌਰਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਵਿੱਚ ਜ਼ੀਰਾ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਚੋਣ ਲੜਾਈ ਜਾਵੇ। ਇਸੇ ਤਰ੍ਹਾਂ ਉਨ੍ਹਾਂ ਨੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੁਕਾਬਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਤਾਰਨ ਦੀ ਸਿਫ਼ਾਰਸ਼ ਕੀਤੀ।
ਜ਼ੀਰਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬਿਕਰਮ ਸਿੰਘ ਮਜੀਠੀਆ ਦੇ ਸਾਹਮਣੇ ਚੋਣ ਮੈਦਾਨ ਵਿੱਚ ਉਤਾਰਨ ਦਾ ਸੁਝਾਅ ਵੀ ਦਿੱਤਾ। ਉਨ੍ਹਾਂ ਦਾ ਮੰਨਣਾ ਹੈ ਕਿ ਮਾਝੇ ਦੇ ਦੋ ਪ੍ਰਭਾਵਸ਼ਾਲੀ ਆਗੂਆਂ ਵਿਚਾਲੇ ਮੁਕਾਬਲਾ ਸਿਆਸੀ ਸਮੀਕਰਨ ਬਦਲ ਸਕਦਾ ਹੈ।
ਇਸ ਤੋਂ ਇਲਾਵਾ, ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮੁਕਾਬਲੇ ਚੋਣ ਲੜਾਉਣ ਦੀ ਮੰਗ ਵੀ ਕੀਤੀ ਗਈ। ਜ਼ੀਰਾ ਦਾ ਕਹਿਣਾ ਹੈ ਕਿ ਅਜਿਹੇ ਸਿੱਧੇ ਮੁਕਾਬਲੇ ਨਾ ਸਿਰਫ਼ ਚੋਣਾਂ ਨੂੰ ਦਿਲਚਸਪ ਬਣਾਉਣਗੇ, ਸਗੋਂ ਕਾਂਗਰਸ ਲਈ ਸੂਬੇ ਭਰ ਵਿੱਚ ਮਜ਼ਬੂਤ ਸਿਆਸੀ ਮਾਹੌਲ ਵੀ ਤਿਆਰ ਕਰ ਸਕਦੇ ਹਨ।



