ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਮਾਮਲੇ ‘ਚ SGPC ਦਾ ਵੱਡਾ ਬਿਆਨ

Top Trending News ਪੰਜਾਬ

 

ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਮਾਮਲੇ ‘ਚ SGPC ਦਾ ਵੱਡਾ ਬਿਆਨ

ਅੰਮ੍ਰਿਤਸਰ, 5 ਅਗਸਤ 2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਸਬੰਧ ਵਿੱਚ ਲਗਾਏ ਗਏ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਆਧਾਰਹੀਣ ਦੱਸਦਿਆਂ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸਥਿਤੀ ਸਪੱਸ਼ਟ ਕਰਦਿਆਂ ਦੱਸਿਆ ਕਿ ਨਿੱਜੀ ਚੈਨਲ ਨਾਲ ਗੁਰਬਾਣੀ ਪ੍ਰਸਾਰਨ ਦਾ ਕੀਤਾ ਗਿਆ ਇਕਰਾਰਨਾਮਾ ਜੁਲਾਈ 2023 ਵਿੱਚ ਹੀ ਸਮਾਪਤ ਹੋ ਚੁੱਕਾ ਹੈ। ਉਨ੍ਹਾਂ ਸਾਫ਼ ਕੀਤਾ ਕਿ ਹੁਣ ਉਕਤ ਚੈਨਲ ਵੱਲ ਸ਼੍ਰੋਮਣੀ ਕਮੇਟੀ ਦੀ ਕੋਈ ਵੀ ਸਾਲਾਨਾ ਲੈਣਦਾਰੀ ਜਾਂ ਬਕਾਇਆ ਬਾਕੀ ਨਹੀਂ ਹੈ।

ਮੁੱਖ ਸਕੱਤਰ ਨੇ ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਵਿਧਾਨ ਸਭਾ ਦੇ ਇੱਕ ਵਿਧਾਇਕ ਵੱਲੋਂ ਲਗਾਏ ਗਏ ਦੋਸ਼ਾਂ ਦਾ ਕਰੜਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਨ ਦੇ ਮਾਮਲੇ ‘ਚ ਨਿੱਜੀ ਚੈਨਲ ਵੱਲ ਬਕਾਇਆ ਹੋਣ ਬਾਰੇ ਸੋਸ਼ਲ ਮੀਡੀਆ ਅਤੇ ਆਮ ਜਨਤਾ ਵਿੱਚ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਕਿ ਸੱਚਾਈ ਤੋਂ ਬਹੁਤ ਦੂਰ ਹੈ।

ਕੁਲਵੰਤ ਸਿੰਘ ਮੰਨਣ ਨੇ ਆਗੂਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮੁੱਦਿਆਂ ‘ਤੇ ਬੇਬੁਨਿਆਦ ਅਤੇ ਭਰਮਾਊ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਸਬੰਧਤ ਵਿਅਕਤੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਹੀ ਜਾਣਕਾਰੀ ਪ੍ਰਾਪਤ ਕਰ ਲੈਣੀ ਚਾਹੀਦੀ ਸੀ। ਉਨ੍ਹਾਂ ਆਖਿਆ ਕਿ ਬਿਨਾਂ ਤੱਥਾਂ ਤੋਂ ਦੋਸ਼ ਲਗਾਉਣਾ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਢਾਹ ਲਗਾਉਣ ਦੀ ਇੱਕ ਨਾਕਾਮ ਕੋਸ਼ਿਸ਼ ਹੈ। ਸ਼੍ਰੋਮਣੀ ਕਮੇਟੀ ਆਪਣੇ ਸਾਰੇ ਕਾਰਜ ਪੂਰੀ ਪਾਰਦਰਸ਼ਤਾ ਨਾਲ ਕਰਦੀ ਹੈ ਅਤੇ ਸੰਗਤ ਨੂੰ ਅਜਿਹੇ ਝੂਠੇ ਪ੍ਰਚਾਰ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।