ਸ੍ਰੀ ਅਕਾਲ ਤਖ਼ਤ ਸਾਹਿਬ ਪੰਥਕ ਮਾਮਲਿਆਂ ‘ਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰੇਗਾ: ਜਥੇਦਾਰ ਗਿਆਨੀ ਕੁਲਦੀਪ ਸਿੰਘ

Top Trending News ਪੰਜਾਬ

 

ਸ੍ਰੀ ਅਕਾਲ ਤਖ਼ਤ ਸਾਹਿਬ ਪੰਥਕ ਮਾਮਲਿਆਂ ‘ਚ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰੇਗਾ: ਜਥੇਦਾਰ ਗਿਆਨੀ ਕੁਲਦੀਪ ਸਿੰਘ

ਅੰਮ੍ਰਿਤਸਰ 5 ਅਗਸਤ 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਬੋਧਨ ਕਰਦਿਆਂ ਆਖਿਆ ਕਿ ਜੇਕਰ ਕੋਈ ਵੀ ਵਿਅਕਤੀ ਪੰਥ ਦੇ ਮਾਮਲਿਆਂ ਵਿੱਚ ਬਿਨਾਂ ਵਜ੍ਹਾ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਆਵਾਜ਼ ਵੀ ਬੁਲੰਦ ਕਰੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕੀਤਾ ਜਾਵੇਗਾ ਅਤੇ ਜੇਕਰ ਉਹ ਮੰਨ ਕੇ ਵੀ ਆਪਣੇ ਵਾਅਦੇ ਤੋਂ ਪਿੱਛੇ ਹਟਣਗੇ, ਤਾਂ ਪੰਥਕ ਮਰਿਆਦਾ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਥੇਦਾਰ ਸਾਹਿਬ ਨੇ ਕਿਹਾ ਕਿ ‘ਗੁਰੂ ਦੀ ਸੰਗਤ’ ਸਿੱਖ ਧਰਮ ਦਾ ਇੱਕ ਅਤਿ ਪਾਵਨ ਅਤੇ ਰੂਹਾਨੀ ਸੰਕਲਪ ਹੈ। ਇਸ ਪਵਿੱਤਰ ਸੰਕਲਪ ਦੀ ਤੁਲਨਾ ਕਿਸੇ ਵੀ ਸਿਆਸੀ ਪਾਰਟੀ ਦੇ ਸਧਾਰਨ ਇਕੱਠ ਜਾਂ ਸਮਰਥਕਾਂ ਨਾਲ ਕਰਨਾ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਉੱਚੇ-ਸੁੱਚੇ ਸਿਧਾਂਤਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਪਿਛਲੇ ਕੁੱਝ ਸਮੇਂ ਤੋਂ ਕੁੱਝ ਸਿਆਸੀ ਆਗੂ ਪੰਥਕ ਮਾਮਲਿਆਂ ਵਿੱਚ ਦਖ਼ਲ ਦਿੰਦੇ ਆ ਰਹੇ ਹਨ। ਹੁਣ ਜਦੋਂ ‘ਗੁਰੂ ਦੀ ਸੰਗਤ’ ਵਰਗੇ ਰੂਹਾਨੀ ਸ਼ਬਦਾਂ ਨੂੰ ਵੀ ਸਿਆਸੀ ਲਾਹੇ ਲਈ ਵਰਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਇਹ ਬਹੁਤ ਗੰਭੀਰ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਹਰ ਸੰਸਥਾ ਅਤੇ ਅਹੁਦੇ ਦੀ ਆਪਣੀ ਇੱਕ ਮਰਿਆਦਾ ਹੁੰਦੀ ਹੈ। ਸਿਆਸੀ ਲੋਕਾਂ ਨੂੰ ਆਪਣੇ ਸੰਵਿਧਾਨਕ ਫ਼ਰਜ਼ ਨਿਭਾਉਣੇ ਚਾਹੀਦੇ ਹਨ, ਜਦਕਿ ਪੰਥ ਦੀ ਅਗਵਾਈ ਅਤੇ ਪੰਥਕ ਮਾਮਲਿਆਂ ਬਾਰੇ ਫ਼ੈਸਲੇ ਲੈਣ ਦਾ ਪੂਰਾ ਅਧਿਕਾਰ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ।

ਇਸ ਤੋਂ ਇਲਾਵਾ, ਬੇਅਦਬੀ ਨਾਲ ਸਬੰਧਤ ਕਾਨੂੰਨ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਇਤਰਾਜ਼ਯੋਗ ਮਦਾਂ ਅਤੇ ਸੋਧਾਂ ਨੂੰ ਹਟਾਉਣ ਲਈ ਕਿਹਾ ਗਿਆ ਹੈ, ਉਹ ਤੁਰੰਤ ਹਟਾਈਆਂ ਜਾਣ। ਜਦੋਂ ਤੱਕ ਇਹ ਬਦਲਾਅ ਨਹੀਂ ਹੁੰਦੇ, ਤਦ ਤੱਕ ਅਜਿਹਾ ਕੋਈ ਵੀ ਕਾਨੂੰਨ ਸਿੱਖ ਕੌਮ ਨੂੰ ਪ੍ਰਵਾਨ ਨਹੀਂ ਹੋਵੇਗਾ।