Breaking: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ; ਮੁਲਾਜ਼ਮ ਗਏ ਹੜਤਾਲ ‘ਤੇ… 7 ਅਗਸਤ ਦੀ ਮਹਾਂ ਰੈਲੀ ਲਈ ਮੁਲਾਜ਼ਮਾਂ ਨੂੰ ਸੱਦਾ

Top Trending News ਪੰਜਾਬ

 

Breaking: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ; ਮੁਲਾਜ਼ਮ ਗਏ ਹੜਤਾਲ ‘ਤੇ… 7 ਅਗਸਤ ਦੀ ਮਹਾਂ ਰੈਲੀ ਲਈ ਮੁਲਾਜ਼ਮਾਂ ਨੂੰ ਸੱਦਾ

ਚੰਡੀਗੜ੍ਹ, 6 ਅਗਸਤ 2026-

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਦਫ਼ਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੇ ਸੱਦੇ ‘ਤੇ ਸਮੂਹ ਵਿਭਾਗਾਂ ਦੇ ਦਫ਼ਤਰੀ ਕਾਮੇ ਤਿੰਨ ਦਿਨਾਂ ਦੀ ਹੜਤਾਲ ‘ਤੇ ਚਲੇ ਗਏ ਹਨ। ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ ਅਤੇ ਲੋਕਾਂ ਨੂੰ ਆਪਣੇ ਕੰਮਾਂ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਬੱਸ ਅੱਡੇ ਦੇ ਦਫ਼ਤਰ ਵਿੱਚ ਵੀ ਹੜਤਾਲ ਕਾਰਨ ਕੋਈ ਸਰਕਾਰੀ ਕੰਮ ਨਹੀਂ ਹੋ ਸਕਿਆ।

ਇਸ ਦੌਰਾਨ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਦੇ ਆਗੂਆਂ ਅਤੇ ਵਰਕਰਾਂ ਨੇ ਬੱਸ ਅੱਡੇ ਦੇ ਮੁੱਖ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਨੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 7 ਅਗਸਤ ਨੂੰ ਚੰਡੀਗੜ੍ਹ ਵਿੱਚ ਸਾਂਝਾ ਮੁਲਾਜ਼ਮ ਮੰਚ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਮਹਾਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਬੁਲਾਰਿਆਂ ਨੇ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਪੱਕਾ ਕੀਤਾ ਜਾਵੇ। ਇਸ ਤੋਂ ਇਲਾਵਾ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕਰਨ, 18 ਫ਼ੀਸਦੀ ਬਕਾਇਆ ਡੀ.ਏ. ਜਾਰੀ ਕਰਨ, 15 ਅਕਤੂਬਰ 2015 ਦੇ ਮੁਲਾਜ਼ਮ ਵਿਰੋਧੀ ਪੱਤਰ ਨੂੰ ਰੱਦ ਕਰਨ, ਕੇਂਦਰੀ ਪੈਟਰਨ ‘ਤੇ ਭਰਤੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਪੈਟਰਨ ‘ਤੇ ਲਿਆਉਣ ਅਤੇ 4-9-14 ਏ.ਸੀ.ਪੀ. ਸਕੀਮ ਮੁੜ ਲਾਗੂ ਕਰਨ ਦੀ ਮੰਗ ਵੀ ਉਠਾਈ ਗਈ।

ਇਸ ਮੌਕੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਦੇ ਸੂਬਾ ਉਪ ਪ੍ਰਧਾਨ ਮਨਪ੍ਰੀਤ ਸਿੰਘ ਗਰੇਵਾਲ ਅਤੇ ਚੇਅਰਮੈਨ ਹਰਮਨ ਸਿੰਘ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।