DA Case: ਹਾਈਕੋਰਟ ਦੇ ਫੈਸਲੇ ਤੋਂ ਬਾਅਦ ਮੁਲਾਜ਼ਮਾਂ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼, ਸਰਕਾਰ ਤੋਂ ਪਹਿਲਾਂ “ਕੇਵੀਏਟ” ਪਟੀਸ਼ਨ ਦਾਇਰ
ਚੰਡੀਗੜ੍ਹ, 6 ਅਗਸਤ 2026-
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਦਾ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਹੁਣ ਨਵੇਂ ਅਤੇ ਅਹਿਮ ਪੜਾਅ ਵਿੱਚ ਦਾਖ਼ਲ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਸੁਣਾਏ ਗਏ ਫੈਸਲੇ ਤੋਂ ਬਾਅਦ ਕਰਮਚਾਰੀ ਜਥੇਬੰਦੀਆਂ ਨੇ ਹੁਣ ਸੁਪਰੀਮ ਕੋਰਟ ਵਿੱਚ ਵੀ ਆਪਣੀ ਕਾਨੂੰਨੀ ਲੜਾਈ ਲਈ ਤਿਆਰੀ ਤੇਜ਼ ਕਰ ਦਿੱਤੀ ਹੈ।
ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੂਰਾ ਖਦਸ਼ਾ ਹੈ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ ਕਰ ਸਕਦੀ ਹੈ। ਇਸ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਕਰਮਚਾਰੀ ਧਿਰ ਨੇ ਸਰਕਾਰ ਵੱਲੋਂ ਕੋਈ ਕਦਮ ਚੁੱਕੇ ਜਾਣ ਤੋਂ ਪਹਿਲਾਂ ਹੀ 5 ਅਗਸਤ 2026 ਨੂੰ ਸੁਪਰੀਮ ਕੋਰਟ ਵਿੱਚ ਕੇਵੀਏਟ ਪਟੀਸ਼ਨ ਦਾਇਰ ਕਰ ਦਿੱਤੀ ਹੈ।
ਕੇਵੀਏਟ ਪਟੀਸ਼ਨ ਦਾਇਰ ਕਰਨ ਦਾ ਮਕਸਦ ਇਹ ਹੈ ਕਿ ਜੇਕਰ ਪੰਜਾਬ ਸਰਕਾਰ ਹਾਈ ਕੋਰਟ ਦੇ ਫੈਸਲੇ ਖ਼ਿਲਾਫ਼ ਅਪੀਲ ਦਾਇਰ ਕਰਦੀ ਹੈ ਤਾਂ ਸੁਪਰੀਮ ਕੋਰਟ ਮੁਲਾਜ਼ਮ ਪੱਖ ਨੂੰ ਸੁਣੇ ਬਿਨਾਂ ਸਰਕਾਰ ਨੂੰ ਕੋਈ ਇੱਕਤਰਫ਼ਾ ਅੰਤਰਿਮ ਰਾਹਤ ਨਾ ਦੇਵੇ। ਇਸ ਨਾਲ ਮੁਲਾਜ਼ਮ ਧਿਰ ਨੂੰ ਆਪਣਾ ਪੱਖ ਪੇਸ਼ ਕਰਨ ਦਾ ਪੂਰਾ ਮੌਕਾ ਮਿਲੇਗਾ ਅਤੇ ਅਦਾਲਤ ਦੋਵਾਂ ਧਿਰਾਂ ਦੀ ਦਲੀਲ ਸੁਣਨ ਤੋਂ ਬਾਅਦ ਹੀ ਕੋਈ ਫੈਸਲਾ ਲਵੇਗੀ।
ਮੁਲਾਜ਼ਮ ਜਥੇਬੰਦੀਆਂ ਨੇ ਹਾਈ ਕੋਰਟ ਦੇ ਫੈਸਲੇ ਨੂੰ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਵੱਡੀ ਕਾਨੂੰਨੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡੀਏ ਨਾਲ ਸਬੰਧਤ ਹੱਕਾਂ ਦੀ ਰੱਖਿਆ ਲਈ ਹਰ ਪੱਧਰ ‘ਤੇ ਕਾਨੂੰਨੀ ਲੜਾਈ ਜਾਰੀ ਰਹੇਗੀ।
ਹੁਣ ਸਭ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਅਗਲੇ ਕਦਮ ਅਤੇ ਸੁਪਰੀਮ ਕੋਰਟ ਦੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ। ਜੇਕਰ ਸਰਕਾਰ ਅਪੀਲ ਦਾਇਰ ਕਰਦੀ ਹੈ ਤਾਂ ਇਸ ਮਾਮਲੇ ਦੀ ਸੁਣਵਾਈ ਦੌਰਾਨ ਡੀਏ ਵਿਵਾਦ ਨੂੰ ਲੈ ਕੇ ਅਗਲੀ ਕਾਨੂੰਨੀ ਦਿਸ਼ਾ ਤੈਅ ਹੋ ਸਕਦੀ ਹੈ, ਜਿਸ ਦਾ ਅਸਰ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਪੈਣ ਦੀ ਸੰਭਾਵਨਾ ਹੈ।



