BREAKING- ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

Top Trending News

 

BREAKING- ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

ਰਾਮ ਮੰਦਰ ਚੜ੍ਹਾਵਾ ਚੋਰੀ ਤੇ ਲਾਠੀਚਾਰਜ ਮਾਮਲੇ ’ਤੇ ਵਿਰੋਧੀ ਧਿਰ ਦਾ ਹੰਗਾਮਾ, ਭਾਰੀ ਮੀਂਹ ’ਚ ਸੰਸਦ ਕੰਪਲੈਕਸ ’ਚ ਪ੍ਰਦਰਸ਼ਨ

ਨਵੀਂ ਦਿੱਲੀ, 7 ਅਗਸਤ 2026- ਰਾਮ ਮੰਦਰ ਦੇ ਚੜ੍ਹਾਵੇ ਦੀ ਕਥਿਤ ਚੋਰੀ ਅਤੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼ ਦੇ ਬਾਵਜੂਦ ਸੰਸਦ ਕੰਪਲੈਕਸ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਵੇਂ ਮੁੱਦਿਆਂ ’ਤੇ ਜਵਾਬਦੇਹੀ ਦੀ ਮੰਗ ਕੀਤੀ।

ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਨੇ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ ਵਿਕਾਸ (ਸੋਧ) ਬਿੱਲ, 2026 ਨੂੰ ਆਵਾਜ਼ੀ ਵੋਟ ਰਾਹੀਂ ਪਾਸ ਕਰ ਦਿੱਤਾ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਪ੍ਰਭਾਵਿਤ ਰਹੀ। ਇਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੋਵੇਂ ਸਦਨਾਂ ਨੂੰ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ।

ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਦਨ ਵਿੱਚ ਬੁਲਾਉਣ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ’ਤੇ ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ ਕਿ ਅਮਿਤ ਸ਼ਾਹ ਸਵੇਰ ਤੋਂ ਰਾਤ ਤੱਕ ਸੰਸਦ ਵਿੱਚ ਰਹਿੰਦੇ ਹਨ।

ਉਨ੍ਹਾਂ ਲੋਕ ਸਭਾ ਵਿੱਚ ਕਿਹਾ ਕਿ ਅਮਿਤ ਸ਼ਾਹ ਦੇ ਨਾਮ ਦਾ ਜ਼ਿਕਰ ਹੁੰਦੇ ਹੀ ਅੱਤਵਾਦੀ ਕੰਬਣ ਲੱਗ ਪੈਂਦੇ ਹਨ। ਇਸੇ ਦੌਰਾਨ ਅੱਜ ਸਵੇਰੇ ਕਰੀਬ 9 ਵਜੇ ਲਗਭਗ 45 ਨਵੇਂ ਲੋਕ ਸਭਾ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਨਾਸ਼ਤੇ ਦੌਰਾਨ ਮੁਲਾਕਾਤ ਕੀਤੀ।