ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਮਾਨ ਦੀ 27 ਅਗਸਤ ਨੂੰ ਮੀਟਿੰਗ, DA ਬਕਾਏ ’ਤੇ ਹੋਵੇਗੀ ਚਰਚਾ
ਚੰਡੀਗੜ੍ਹ, 8 ਅਗਸਤ 2026
ਮਹਿੰਗਾਈ ਭੱਤੇ (ਡੀਏ) ਦੇ ਬਕਾਏ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ 27 ਅਗਸਤ ਨੂੰ ਮੀਟਿੰਗ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਹੋਵੇਗੀ। ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਵੱਧ ਤੋਂ ਵੱਧ 10 ਨੁਮਾਇੰਦੇ ਹੀ ਸ਼ਾਮਲ ਹੋ ਸਕਣਗੇ। ਸਰਕਾਰ ਵੱਲੋਂ ਇਹ ਫ਼ੈਸਲਾ ਮੁਲਾਜ਼ਮਾਂ ਵੱਲੋਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨ ਤੋਂ ਬਾਅਦ ਲਿਆ ਗਿਆ ਹੈ। ਪ੍ਰਦਰਸ਼ਨ ਦੌਰਾਨ ਸੈਂਕੜੇ ਸਰਕਾਰੀ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਪਹੁੰਚੇ ਸਨ।
ਮੁਲਾਜ਼ਮਾਂ ਨੇ ਮਹਿੰਗਾਈ ਭੱਤੇ ਦੇ ਲੰਬਿਤ ਬਕਾਏ ਜਾਰੀ ਕਰਨ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵੱਲੋਂ ਮੌਨਸੂਨ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ। ਇਸ ਕਾਰਨ ਚੰਡੀਗੜ੍ਹ ਵਿੱਚ ਸੁਰੱਖਿਆ ਪ੍ਰਬੰਧ ਵੀ ਸਖ਼ਤ ਕੀਤੇ ਗਏ ਸਨ।
ਮੁਲਾਜ਼ਮ ਜਥੇਬੰਦੀਆਂ ਲੰਮੇ ਸਮੇਂ ਤੋਂ ਮਹਿੰਗਾਈ ਭੱਤੇ ਦੇ ਬਕਾਏ ਦੀ ਅਦਾਇਗੀ ਦੀ ਮੰਗ ਕਰ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮਹਿੰਗਾਈ ਵਿੱਚ ਲਗਾਤਾਰ ਵਾਧੇ ਦੇ ਮੱਦੇਨਜ਼ਰ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨਾ ਮੁਲਾਜ਼ਮਾਂ ਦਾ ਜਾਇਜ਼ ਹੱਕ ਹੈ।
ਹੁਣ 27 ਅਗਸਤ ਨੂੰ ਹੋਣ ਵਾਲੀ ਮੁੱਖ ਮੰਤਰੀ ਨਾਲ ਮੀਟਿੰਗ ਨੂੰ ਮੁਲਾਜ਼ਮ ਜਥੇਬੰਦੀਆਂ ਵੱਲੋਂ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਦੌਰਾਨ ਡੀਏ ਦੇ ਬਕਾਏ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ’ਤੇ ਵੀ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਮੁਲਾਜ਼ਮ ਆਗੂਆਂ ਦੀਆਂ ਨਜ਼ਰਾਂ ਹੁਣ ਇਸ ਗੱਲ ’ਤੇ ਟਿਕੀਆਂ ਹਨ ਕਿ ਸਰਕਾਰ ਇਸ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੀ ਫ਼ੈਸਲਾ ਲੈਂਦੀ ਹੈ?



