65 ਹਜ਼ਾਰ ਨੌਕਰੀਆਂ ਦੇ ਦਾਅਵੇ ’ਤੇ ਕਾਂਗਰਸ ਨੇ ਘੇਰੀ ਪੰਜਾਬ ਸਰਕਾਰ, ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ

Top Trending News ਪੰਜਾਬ

 

65 ਹਜ਼ਾਰ ਨੌਕਰੀਆਂ ਦੇ ਦਾਅਵੇ ’ਤੇ ਕਾਂਗਰਸ ਨੇ ਘੇਰੀ ਪੰਜਾਬ ਸਰਕਾਰ, ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ

ਚੰਡੀਗੜ੍ਹ, 8 ਅਗਸਤ 2026

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪੰਜਵੇਂ ਦਿਨ ਕਾਂਗਰਸੀ ਵਿਧਾਇਕਾਂ ਨੇ ਸੂਬਾ ਸਰਕਾਰ ਵਿਰੁੱਧ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕਰਦਿਆਂ ‘ਆਪ’ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਦੌਰਾਨ 65 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਦਾਅਵੇ ’ਤੇ ਸਵਾਲ ਖੜ੍ਹੇ ਕੀਤੇ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਨੌਕਰੀਆਂ ਸਬੰਧੀ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ।

ਪ੍ਰਦਰਸ਼ਨ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ 65 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਕੀਤੇ ਜਾ ਰਹੇ ਦਾਅਵੇ ਹਕੀਕਤ ਤੋਂ ਪਰੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਵਾਕਈ ਸਾਢੇ ਚਾਰ ਸਾਲਾਂ ਦੌਰਾਨ 65 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ ਤਾਂ ਇਸ ਦਾ ਪੂਰਾ ਵੇਰਵਾ ਜਨਤਕ ਕੀਤਾ ਜਾਣਾ ਚਾਹੀਦਾ ਹੈ।

ਬਾਜਵਾ ਨੇ ਮੰਗ ਕੀਤੀ ਕਿ ਸਰਕਾਰ ਇਸ ਮਾਮਲੇ ’ਤੇ ਵ੍ਹਾਈਟ ਪੇਪਰ ਜਾਰੀ ਕਰੇ, ਜਿਸ ਵਿੱਚ ਨੌਕਰੀ ਹਾਸਲ ਕਰਨ ਵਾਲੇ ਹਰੇਕ ਨੌਜਵਾਨ ਦਾ ਨਾਮ, ਪਤਾ, ਸਬੰਧਤ ਵਿਭਾਗ ਅਤੇ ਉਸ ਨੂੰ ਦਿੱਤਾ ਗਿਆ ਅਹੁਦਾ ਸਪਸ਼ਟ ਤੌਰ ’ਤੇ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਸਰਕਾਰ ਦੇ ਨੌਕਰੀਆਂ ਸਬੰਧੀ ਦਾਅਵਿਆਂ ਦੀ ਅਸਲ ਤਸਵੀਰ ਲੋਕਾਂ ਸਾਹਮਣੇ ਆ ਸਕੇਗੀ।

ਵਿਰੋਧੀ ਧਿਰ ਦੇ ਆਗੂ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਦਿੱਤੀਆਂ ਗਈਆਂ ਨੌਕਰੀਆਂ ਵਿੱਚੋਂ ਵੱਡੀ ਗਿਣਤੀ ਗੈਰ-ਪੰਜਾਬੀਆਂ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਦਾਅਵਾ ਸਹੀ ਹੈ ਤਾਂ ਸੂਬਾ ਸਰਕਾਰ ਨੂੰ ਇਸ ਬਾਰੇ ਵੀ ਸਪਸ਼ਟ ਸਥਿਤੀ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ।

ਕਾਂਗਰਸੀ ਵਿਧਾਇਕਾਂ ਨੇ ਸਰਕਾਰ ਤੋਂ ਨੌਕਰੀਆਂ ਦੇ ਅੰਕੜਿਆਂ ਦੀ ਪਾਰਦਰਸ਼ੀ ਜਾਣਕਾਰੀ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਦਾਅਵਿਆਂ ਦੀ ਸੱਚਾਈ ਸਪਸ਼ਟ ਹੋਣੀ ਚਾਹੀਦੀ ਹੈ।