Punjab News: ਸੇਵਾ ਕੇਂਦਰ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ, ਕੰਮ ਕਰਵਾਉਣ ਆਏ ਲੋਕ ਹੋਏ ਖੱਜਲ-ਖੁਆਰ
ਚੰਡੀਗੜ੍ਹ 8 ਅਗਸਤ 2026
ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਸੱਦੇ ’ਤੇ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਹੜਤਾਲ ’ਤੇ ਚਲੇ ਗਏ ਹਨ। ਮੁਲਾਜ਼ਮਾਂ ਦੀ ਹੜਤਾਲ ਕਾਰਨ ਸੇਵਾ ਕੇਂਦਰਾਂ ਵਿੱਚ ਰੋਜ਼ਾਨਾ ਵਾਲੀ ਰੌਣਕ ਗਾਇਬ ਰਹੀ ਅਤੇ ਵੱਖ-ਵੱਖ ਸਰਕਾਰੀ ਸੇਵਾਵਾਂ ਲੈਣ ਲਈ ਪਹੁੰਚੇ ਲੋਕਾਂ ਨੂੰ ਬਿਨਾਂ ਕੰਮ ਕਰਵਾਏ ਵਾਪਸ ਮੁੜਨਾ ਪਿਆ।
ਸੇਵਾ ਕੇਂਦਰ ਮੁਲਾਜ਼ਮ ਜਥੇਬੰਦੀ ਦੇ ਆਗੂ ਪਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪਹਿਲਾਂ ਵੀ ਕਈ ਦਿਨਾਂ ਤੱਕ ਹੜਤਾਲ ਕਰ ਚੁੱਕੇ ਹਨ। ਉਸ ਸਮੇਂ ਸਰਕਾਰ ਵੱਲੋਂ ਜਥੇਬੰਦੀ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਦੇ ਬਣਦੇ ਬਕਾਏ ਵੀ ਜਾਰੀ ਕਰ ਦਿੱਤੇ ਜਾਣਗੇ। ਪਰ, ਉਨ੍ਹਾਂ ਕਿਹਾ ਕਿ ਅਜੇ ਤੱਕ ਮੁਲਾਜ਼ਮਾਂ ਨੂੰ ਮਹੀਨੇ ਦੀ ਤਨਖ਼ਾਹ ਵੀ ਨਹੀਂ ਮਿਲੀ, ਜਦਕਿ ਪੁਰਾਣੇ ਬਕਾਏ ਜਾਰੀ ਕਰਨਾ ਤਾਂ ਦੂਰ ਦੀ ਗੱਲ ਹੈ।
ਪਰਮਿੰਦਰ ਸਿੰਘ ਨੇ ਕਿਹਾ ਕਿ ਸੇਵਾ ਕੇਂਦਰਾਂ ਦੇ ਮੁਲਾਜ਼ਮ ਸੂਬਾ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਤੱਕ ਸਮੇਂ ਸਿਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਉਣਾ ਚਿੰਤਾਜਨਕ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਹੜਤਾਲ ਕਰਨ ਦੇ ਇੱਛੁਕ ਨਹੀਂ ਹਨ, ਪਰ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਉਹ ਸੰਘਰਸ਼ ਲਈ ਮਜਬੂਰ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਤਨਖ਼ਾਹ ਜਾਰੀ ਨਾ ਕੀਤੀ ਗਈ ਅਤੇ ਬਕਾਏ ਦੀ ਅਦਾਇਗੀ ਸਬੰਧੀ ਠੋਸ ਕਾਰਵਾਈ ਨਾ ਹੋਈ ਤਾਂ ਸੂਬਾ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੜਤਾਲ ਨੂੰ ਹੋਰ ਤਿੱਖਾ ਕਰਨ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ।



