ਵੱਡੀ ਖ਼ਬਰ- PRTC ਦੇ ਡਾਇਰੈਕਟਰ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 9 ਅਗਸਤ 2026: ਆਮ ਆਦਮੀ ਪਾਰਟੀ (AAP) ਨੂੰ ਅੱਜ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਪੰਜਾਬ ਦੇ ਡਾਇਰੈਕਟਰ ਅਤੇ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ।
ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਆਪਣਾ ਅਸਤੀਫ਼ਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਭੇਜ ਦਿੱਤਾ ਹੈ। ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਦੇ ਫੈਸਲੇ ਨਾਲ ਪਾਰਟੀ ਅੰਦਰ ਅਤੇ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ।
ਢਿੱਲੋਂ ਥਾਂਦੇ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਸਰਗਰਮੀ ਨਾਲ ਜੁੜੇ ਹੋਏ ਸਨ। ਉਨ੍ਹਾਂ ਨੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਅਹਿਮ ਭੂਮਿਕਾ ਨਿਭਾਈ ਅਤੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਜ਼ਿੰਮੇਵਾਰੀ ਸੰਭਾਲੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੀਆਰਟੀਸੀ ਦੇ ਡਾਇਰੈਕਟਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਸੀ।
ਉਨ੍ਹਾਂ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੱਕ ਤੋਂ ਅਸਤੀਫ਼ਾ ਦੇਣ ਨੂੰ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਅਸਤੀਫ਼ੇ ਦੇ ਪਿੱਛੇ ਕੀ ਕਾਰਨ ਹਨ, ਇਸ ਬਾਰੇ ਉਨ੍ਹਾਂ ਵੱਲੋਂ ਫਿਲਹਾਲ ਕੋਈ ਵਿਸਥਾਰਤ ਜਾਣਕਾਰੀ ਜਨਤਕ ਨਹੀਂ ਕੀਤੀ ਗਈ। ਬਲਜਿੰਦਰ ਸਿੰਘ ਢਿੱਲੋਂ ਥਾਂਦੇ ਦੇ ਅਚਾਨਕ ਅਸਤੀਫ਼ੇ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਸਿਆਸੀ ਪ੍ਰਭਾਵਾਂ ’ਤੇ ਨਜ਼ਰ ਰਹੇਗੀ।



