CM ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ, 650ਵੇਂ ਪ੍ਰਕਾਸ਼ ਪੁਰਬ ਲਈ ਰੱਖਿਆ 100 ਕਰੋੜ ਰੁਪਏ ਦਾ ਬਜਟ
ਜਲੰਧਰ, 9 ਅਗਸਤ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੱਚਖੰਡ ਡੇਰਾ ਬੱਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਇਸ ਵਿੱਚ ਬਰਾਬਰੀ, ਭਾਈਚਾਰੇ, ਪਿਆਰ ਤੇ ਮਾਨਵਤਾ ਦਾ ਸੰਦੇਸ਼ ਦਿੱਤਾ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਭਾਈਚਾਰਾ ਅਤੇ ਸਾਡੇ ਗੁਰੂਪੁਰਬ ਸਾਂਝੇ ਹਨ। ਪੰਜਾਬ ਦੀ ਧਰਤੀ ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਧਰਤੀ ਹੈ, ਜਿੱਥੇ ਹਮੇਸ਼ਾ ਸਾਂਝੀਵਾਲਤਾ ਅਤੇ ਭਾਈਚਾਰੇ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ, ਕਿਉਂਕਿ ਪੰਜਾਬ ਦੀ ਵਿਰਾਸਤ ਆਪਸੀ ਪਿਆਰ ਅਤੇ ਸਾਂਝ ’ਤੇ ਆਧਾਰਿਤ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਅਤੇ ਹੋਰ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਬੱਲਾਂ ਵਿਖੇ ਸਥਾਪਿਤ ਕੀਤਾ ਜਾ ਰਿਹਾ ਬਾਣੀ ਅਧਿਐਨ ਕੇਂਦਰ ਗੁਰੂ ਰਵਿਦਾਸ ਜੀ ਦੀ ਬਾਣੀ ਦੇ ਡੂੰਘੇ ਅਧਿਐਨ ਅਤੇ ਖੋਜ ਲਈ ਮਹੱਤਵਪੂਰਨ ਕੇਂਦਰ ਸਾਬਤ ਹੋਵੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਸੰਤ ਨਿਰੰਜਨ ਦਾਸ ਜੀ ਵੱਲੋਂ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਤ ਨਿਰੰਜਨ ਦਾਸ ਜੀ ਨੂੰ ਧਾਰਮਿਕ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਲਈ ਪਦਮਸ਼੍ਰੀ ਸਨਮਾਨ ਮਿਲਣਾ ਮਾਣ ਵਾਲੀ ਗੱਲ ਹੈ।



