2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਭਾਜਪਾ ਨੇ ਕਮਰ ਕੱਸੀ, ਸੰਗਠਨ ਮਜ਼ਬੂਤੀ ’ਤੇ ਜ਼ੋਰ
ਲੁਧਿਆਣਾ 9 ਅਗਸਤ 2026
ਬੀਤੇ ਕੱਲ੍ਹ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾ ਇਕਾਈ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਲੁਧਿਆਣਾ ਸਥਿਤ ਪਾਰਟੀ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਸੰਗਠਨ ਮੰਤਰੀ ਸ਼੍ਰੀਨਿਵਾਸਲੂ, ਕੌਮੀ ਸਕੱਤਰ ਤੇ ਪੰਜਾਬ ਦੇ ਸਹਿ-ਪ੍ਰਭਾਰੀ ਨਰਿੰਦਰ ਰੈਣਾ ਸਮੇਤ ਨਵੀਂ ਚੁਣੀ ਸਟੇਟ ਬਾਡੀ ਦੇ ਅਹੁਦੇਦਾਰ ਅਤੇ ਸਮੂਹ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ।
ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੇ ਆਗੂਆਂ ਨੇ ਪਾਰਟੀ ਹਾਈਕਮਾਂਡ ਅਤੇ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਪੂਰਾ ਭਰੋਸਾ ਪ੍ਰਗਟਾਉਂਦਿਆਂ ਇਕਜੁੱਟਤਾ ਨਾਲ ਚੋਣਾਂ ਲੜਨ ਦਾ ਅਹਿਦ ਲਿਆ।
ਕੇਵਲ ਸਿੰਘ ਢਿੱਲੋਂ ਨੇ ਨਵ-ਨਿਯੁਕਤ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੀਆਂ ਜ਼ਿੰਮੇਵਾਰੀਆਂ ਸਿਰਫ਼ ਅਹੁਦੇ ਨਹੀਂ, ਸਗੋਂ ਪੰਜਾਬ ਅਤੇ ਪਾਰਟੀ ਦੇ ਭਵਿੱਖ ਨਾਲ ਜੁੜੀ ਵੱਡੀ ਜ਼ਿੰਮੇਵਾਰੀ ਹਨ। ਉਨ੍ਹਾਂ ਹਰ ਪਿੰਡ, ਸ਼ਹਿਰ ਅਤੇ ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਢਿੱਲੋਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਅਮਨ-ਕਾਨੂੰਨ, ਨਸ਼ੇ, ਗੈਂਗਸਟਰਵਾਦ, ਕਰਜ਼ੇ ਅਤੇ ਬੇਰੁਜ਼ਗਾਰੀ ਵਰਗੇ ਮੁੱਦੇ ਚੁੱਕੇ। ਉਨ੍ਹਾਂ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਤੇ ਵਿਕਾਸਮੁਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।



