ਅੰਮ੍ਰਿਤਪਾਲ ਦੀ ਪਾਰਟੀ ਕਿਸ ਨਾਲ ਕਰੇਗੀ ਗੱਠਜੋੜ? 117 ਸੀਟਾਂ ‘ਤੇ ਚੋਣ ਲੜਨ ਬਾਰੇ ਕੀਤਾ ਵੱਡਾ ਐਲਾਨ
2027 ਲਈ ‘ਵਾਰਿਸ ਪੰਜਾਬ ਦੇ’ ਦਾ ਵੱਡਾ ਐਲਾਨ, 117 ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦਾ ਕੀਤਾ ਦਾਅਵਾ
ਚੰਡੀਗੜ੍ਹ, 9 ਅਗਸਤ 2026- ਪੰਜਾਬ ਦੀ ਸਿਆਸਤ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ ਪੰਥਕ ਮੁੱਦਿਆਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜਲੰਧਰ ਵਿੱਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਪ੍ਰਮੁੱਖ ਆਗੂਆਂ ਵੱਲੋਂ ਕੀਤੀ ਗਈ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ।
ਪ੍ਰੈੱਸ ਕਾਨਫਰੰਸ ਵਿੱਚ ਆਗੂਆਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਪੰਥਕ ਹਲਕਿਆਂ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪਾਰਟੀ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰਦੀ ਰਹੇਗੀ।
ਇਸ ਦੌਰਾਨ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਨੇ ਆਪਣੀ ਰਣਨੀਤੀ ਵੀ ਸਪੱਸ਼ਟ ਕਰ ਦਿੱਤੀ। ਆਗੂਆਂ ਨੇ ਐਲਾਨ ਕੀਤਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗਾ। ਪਾਰਟੀ ਨੇ ਕਿਸੇ ਵੀ ਸਿਆਸੀ ਧਿਰ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਵੀ ਆਪਣਾ ਰੁਖ ਸਪੱਸ਼ਟ ਕਰਦਿਆਂ ਕਿਹਾ ਕਿ ਭਾਜਪਾ ਨਾਲ ਕਿਸੇ ਵੀ ਤਰ੍ਹਾਂ ਦਾ ਗੱਠਜੋੜ ਨਹੀਂ ਕੀਤਾ ਜਾਵੇਗਾ।
ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਪੰਥਕ ਅਤੇ ਸੂਬਾਈ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਉਹ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਕਰਨਗੇ। ਇਸ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਵੀਂ ਚਰਚਾ ਛਿੜ ਗਈ ਹੈ।



