Akali-BJP ਗਠਜੋੜ ਦੀਆਂ ਅਟਕਲਾਂ ‘ਤੇ CM ਸੈਣੀ ਦਾ ਵੱਡਾ ਬਿਆਨ, ਕਿਹਾ…!

Top Trending News ਹਰਿਆਣਾ ਚੰਡੀਗੜ੍ਹ ਪੰਜਾਬ

 

Akali-BJP ਗਠਜੋੜ ਦੀਆਂ ਅਟਕਲਾਂ ‘ਤੇ CM ਸੈਣੀ ਦਾ ਵੱਡਾ ਬਿਆਨ, ਕਿਹਾ…!

ਚੰਡੀਗੜ੍ਹ, 10 ਅਗਸਤ 2026- ਪੰਜਾਬ ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਮੁੜ ਗਠਜੋੜ ਦੀਆਂ ਚੱਲ ਰਹੀਆਂ ਅਟਕਲਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖਾਰਜ ਕਰ ਦਿੱਤਾ ਹੈ। ਸੋਮਵਾਰ ਨੂੰ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਸੀਐੱਮ ਸੈਣੀ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਭਾਜਪਾ ਦੀ ਰਣਨੀਤੀ ਬਾਰੇ ਸਪੱਸ਼ਟ ਤੌਰ ‘ਤੇ ਆਪਣਾ ਪੱਖ ਰੱਖਿਆ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਗਠਜੋੜ ਕਿਸੇ ਵੀ ਸਿਆਸੀ ਪਾਰਟੀ ਨਾਲ ਨਹੀਂ, ਸਗੋਂ ਸੂਬੇ ਦੀ ਜਨਤਾ ਨਾਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦੇ ਭਰੋਸੇ ਅਤੇ ਸਮਰਥਨ ਨਾਲ ਸੂਬੇ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਨ ਦਾ ਵੀ ਦਾਅਵਾ ਕੀਤਾ।

ਸੈਣੀ ਦੇ ਇਸ ਬਿਆਨ ਨੂੰ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੰਭਾਵਿਤ ਗਠਜੋੜ ਦੀਆਂ ਚਰਚਾਵਾਂ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਦੋਵਾਂ ਪਾਰਟੀਆਂ ਦੇ ਮੁੜ ਨੇੜੇ ਆਉਣ ਅਤੇ ਚੋਣਾਂ ਵਿੱਚ ਇਕੱਠੇ ਮੈਦਾਨ ਵਿੱਚ ਉਤਰਨ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ। ਹਾਲਾਂਕਿ, ਨਾਇਬ ਸਿੰਘ ਸੈਣੀ ਨੇ ਇਨ੍ਹਾਂ ਚਰਚਾਵਾਂ ਨੂੰ ਸਪੱਸ਼ਟ ਤੌਰ ‘ਤੇ ਰੱਦ ਕਰਦਿਆਂ ਭਾਜਪਾ ਦਾ ਧਿਆਨ ਸਿੱਧੇ ਤੌਰ ‘ਤੇ ਪੰਜਾਬ ਦੀ ਜਨਤਾ ਨਾਲ ਜੋੜ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਆਉਣ ਵਾਲੀਆਂ ਚੋਣਾਂ ਵਿੱਚ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਸਰਕਾਰ ਬਣਾਏਗੀ।