ਅੰਮ੍ਰਿਤਸਰ ਦੇ ਸਰਹੱਦੀ ਖੇਤਰ ਲਈ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ, ਔਜਲਾ ਨੇ ਨਿਰਮਲਾ ਸੀਤਾਰਮਨ ਨੂੰ ਸੌਂਪਿਆ ਪੱਤਰ
ਅੰਮ੍ਰਿਤਸਰ, 11 ਅਗਸਤ 2026: ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਆਰਥਿਕ ਵਿਕਾਸ, ਉਦਯੋਗ ਅਤੇ ਵਪਾਰ ਨੂੰ ਮੁੜ ਲੀਹ ’ਤੇ ਲਿਆਉਣ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਦੇ ਬਾਰਡਰ ਬੈਲਟ ਲਈ ਬਹੁ-ਸਾਲਾ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕਰਦਿਆਂ ਵਿੱਤ ਮੰਤਰੀ ਨੂੰ ਪੱਤਰ ਸੌਂਪਿਆ।
ਔਜਲਾ ਨੇ ਕਿਹਾ ਕਿ ਅਟਾਰੀ, ਅਜਨਾਲਾ, ਰਮਦਾਸ ਅਤੇ ਸਰਹੱਦੀ ਪਿੰਡ ਲੰਬੇ ਸਮੇਂ ਤੋਂ ਆਰਥਿਕ ਚੁਣੌਤੀਆਂ ਨਾਲ ਜੂਝ ਰਹੇ ਹਨ। ਭਾਰਤ-ਪਾਕਿਸਤਾਨ ਸਰਹੱਦੀ ਵਪਾਰ ਬੰਦ ਹੋਣ ਕਾਰਨ ਟਰਾਂਸਪੋਰਟਰਾਂ, ਕਲੀਅਰਿੰਗ ਏਜੰਟਾਂ, ਮਜ਼ਦੂਰਾਂ, ਵਪਾਰੀਆਂ ਅਤੇ ਵੇਅਰਹਾਊਸ ਕਾਰੋਬਾਰ ਨਾਲ ਜੁੜੇ ਹਜ਼ਾਰਾਂ ਪਰਿਵਾਰ ਪ੍ਰਭਾਵਿਤ ਹੋਏ ਹਨ।
ਉਨ੍ਹਾਂ ਕਿਹਾ ਕਿ ਖੇਤਰ ਵਿੱਚ ਉਦਯੋਗਿਕ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਵੀ ਘੱਟ ਹਨ, ਜਿਸ ਕਾਰਨ ਨੌਜਵਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਅਜਨਾਲਾ ਅਤੇ ਰਾਵੀ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹਾਂ ਅਤੇ ਖਰਾਬ ਮੌਸਮ ਕਾਰਨ ਸੜਕਾਂ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਨੂੰ ਵਾਰ-ਵਾਰ ਨੁਕਸਾਨ ਹੁੰਦਾ ਹੈ।
ਔਜਲਾ ਨੇ ਪੈਕੇਜ ਵਿੱਚ ਉਦਯੋਗਿਕ ਪੁਨਰ-ਉਤਥਾਨ, ਐਮਐਸਐਮਈ ਵਿਕਾਸ, ਨੌਜਵਾਨਾਂ ਲਈ ਸਕਿੱਲ ਡਿਵੈਲਪਮੈਂਟ ਤੇ ਰੁਜ਼ਗਾਰ, ਬਿਹਤਰ ਸੜਕਾਂ ਅਤੇ ਕਨੈਕਟੀਵਿਟੀ, ਹੜ੍ਹ ਰੋਕੂ ਢਾਂਚਾ, ਪ੍ਰਭਾਵਿਤ ਕਾਰੋਬਾਰੀਆਂ ਲਈ ਪੁਨਰਵਾਸ, ਸਿਹਤ ਸਹੂਲਤਾਂ ਅਤੇ ਅਟਾਰੀ ਨੂੰ ਵਿਸ਼ਵ ਪੱਧਰੀ ਬਾਰਡਰ ਟੂਰਿਜ਼ਮ ਡੈਸਟੀਨੇਸ਼ਨ ਵਜੋਂ ਵਿਕਸਤ ਕਰਨ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਸਰਹੱਦੀ ਲੋਕਾਂ ਨੇ ਦੇਸ਼ ਦੀ ਸੁਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਇਸ ਲਈ ਕੇਂਦਰ ਸਰਕਾਰ ਨੂੰ ਉਨ੍ਹਾਂ ਲਈ ਸਮੇਂਬੱਧ ਵਿਸ਼ੇਸ਼ ਵਿੱਤੀ ਪੈਕੇਜ ਮਨਜ਼ੂਰ ਕਰਨਾ ਚਾਹੀਦਾ ਹੈ।



