ਗੁਰਬਾਣੀ ਦੇ ਲਾਈਵ ਪ੍ਰਸਾਰਨ ਮੁੱਦੇ ’ਤੇ ਜਥੇਦਾਰ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

Top Trending News ਪੰਜਾਬ

 

ਗੁਰਬਾਣੀ ਦੇ ਲਾਈਵ ਪ੍ਰਸਾਰਨ ਮੁੱਦੇ ’ਤੇ ਜਥੇਦਾਰ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

ਚੰਡੀਗੜ੍ਹ, 11 ਅਗਸਤ 2026: ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਨ ਦੇ ਅਧਿਕਾਰਾਂ ਨੂੰ ਲੈ ਕੇ ਚੱਲ ਰਹੀ ਚਰਚਾ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਕਿਸੇ ਵੀ ਚੈਨਲ ਜਾਂ ਸੰਸਥਾ ਨੂੰ ਗੁਰਬਾਣੀ ਪ੍ਰਸਾਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੋਂ ਬਕਾਇਦਾ ਮਨਜ਼ੂਰੀ ਲੈਣੀ ਚਾਹੀਦੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਰਬ-ਸਾਂਝੀ ਹੈ ਅਤੇ ਸਮੁੱਚੀ ਮਨੁੱਖਤਾ ਲਈ ਹੈ, ਪਰ ਇਸ ਦੇ ਪ੍ਰਸਾਰਨ ਦੌਰਾਨ ਪ੍ਰਬੰਧਕੀ ਨਿਯਮਾਂ ਅਤੇ ਸਿੱਖ ਮਰਿਆਦਾ ਦੀ ਪਾਲਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ SGPC ਸਿੱਖਾਂ ਦੀ ਚੁਣੀ ਹੋਈ ਸੰਸਥਾ ਹੈ ਅਤੇ ਪ੍ਰਬੰਧਕੀ ਵਿਵਸਥਾ ਕਾਇਮ ਰੱਖਣ ਲਈ ਇਸ ਦੀ ਪ੍ਰਵਾਨਗੀ ਲਾਜ਼ਮੀ ਹੈ।

ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮਾਮਲੇ ’ਤੇ ਵੱਖਰਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸੰਦੇਸ਼ ਵੱਧ ਤੋਂ ਵੱਧ ਸੰਗਤ ਤੱਕ ਪਹੁੰਚਣਾ ਚਾਹੀਦਾ ਹੈ ਅਤੇ ਇਸ ਦੇ ਪ੍ਰਸਾਰਨ ਦੇ ਅਧਿਕਾਰ ਕਿਸੇ ਇੱਕ ਚੈਨਲ ਤੱਕ ਸੀਮਤ ਨਹੀਂ ਰਹਿਣੇ ਚਾਹੀਦੇ। ਉਨ੍ਹਾਂ SGPC ਨੂੰ ਸਾਰੇ ਚੈਨਲਾਂ ਨੂੰ ਨਿਯਮਾਂ ਤਹਿਤ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਦੇਣ ਦੀ ਅਪੀਲ ਕੀਤੀ।

ਇਹ ਵਿਵਾਦ GTC ਚੈਨਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਕੀਤੇ ਜਾਣ ਤੋਂ ਬਾਅਦ ਭਖਿਆ ਹੈ। SGPC ਵੱਲੋਂ ਬਿਨਾਂ ਲਿਖਤੀ ਇਜਾਜ਼ਤ ਪ੍ਰਸਾਰਨ ਕਰਨ ’ਤੇ GTC ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਗਿਆ ਹੈ।