ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਦਰੜਿਆ, ਮੌਕੇ ’ਤੇ ਮੌਤ; ਕਾਰ ਛੱਡ ਕੇ ਫਰਾਰ ਹੋਇਆ ਚਾਲਕ
ਅੰਮ੍ਰਿਤਸਰ, 11 ਅਗਸਤ 2026: ਅੰਮ੍ਰਿਤਸਰ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਫਤਿਹਗੜ੍ਹ ਚੂੜੀਆਂ-ਸੰਗਤਪੁਰਾ ਮਾਰਗ ’ਤੇ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਜਾਣਕਾਰੀ ਅਨੁਸਾਰ ਤਿੰਨੇ ਨੌਜਵਾਨ ਇੱਕੋ ਪਿੰਡ ਦੇ ਰਹਿਣ ਵਾਲੇ ਸਨ ਅਤੇ ਪਸ਼ੂਆਂ ਦੇ ਵਪਾਰ ਨਾਲ ਜੁੜੇ ਹੋਏ ਸਨ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ, ਸੰਦੀਪ ਸਿੰਘ ਅਤੇ ਜਗਤਾਰ ਸਿੰਘ ਵਜੋਂ ਹੋਈ ਹੈ। ਤਿੰਨੇ ਅੰਮ੍ਰਿਤਸਰ ਦੇ ਪਿੰਡ ਹਰਦੋਰਾਵਾਲ ਕਲਾਂ ਦੇ ਵਸਨੀਕ ਸਨ।
ਦੱਸਿਆ ਜਾ ਰਿਹਾ ਹੈ ਕਿ ਤਿੰਨੇ ਨੌਜਵਾਨ ਮੰਗਲਵਾਰ ਸਵੇਰੇ ਮੋਟਰਸਾਈਕਲ ’ਤੇ ਕਿਸੇ ਕੰਮ ਲਈ ਜਾ ਰਹੇ ਸਨ। ਜਦੋਂ ਉਹ ਫਤਿਹਗੜ੍ਹ ਚੂੜੀਆਂ ਅਤੇ ਸੰਗਤਪੁਰਾ ਦੇ ਵਿਚਕਾਰ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨੇ ਸੜਕ ’ਤੇ ਡਿੱਗ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਹਾਦਸੇ ਤੋਂ ਬਾਅਦ ਕਾਰ ਚਾਲਕ ਵਾਹਨ ਨੂੰ ਮੌਕੇ ’ਤੇ ਹੀ ਛੱਡ ਕੇ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਫਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।



