Weather Update: ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ, ਡੈਮਾਂ ‘ਚ ਵੀ ਵਧਿਆ ਪਾਣੀ ਦਾ ਪੱਧਰ
ਚੰਡੀਗੜ੍ਹ, 11 ਅਗਸਤ 2026:
ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਦਰਮਿਆਨ ਮੌਸਮ ਵਿਭਾਗ ਵੱਲੋਂ ਸੂਬੇ ਦੇ ਤਿੰਨ ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਰੂਪਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਸ਼ਾਮਲ ਹਨ। ਇਨ੍ਹਾਂ ਇਲਾਕਿਆਂ ਵਿੱਚ ਆਉਣ ਵਾਲੇ ਸਮੇਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਫਿਲਹਾਲ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਬੱਦਲਵਾਈ ਅਤੇ ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਉੱਥੇ ਹੀ ਪੰਜਾਬ ਵਿੱਚ ਡੈਮਾਂ ਦੇ ਪਾਣੀ ਪੱਧਰ ਨੂੰ ਲੈ ਕੇ ਵੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਭਾਖੜਾ ਡੈਮ, ਪੌਂਗ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਪਹਾੜੀ ਖੇਤਰਾਂ ਵਿੱਚ ਹੋ ਰਹੀ ਬਾਰਿਸ਼ ਕਾਰਨ ਵੱਡੀ ਮਾਤਰਾ ਵਿੱਚ ਪਾਣੀ ਇਨ੍ਹਾਂ ਡੈਮਾਂ ਵੱਲ ਆ ਰਿਹਾ ਹੈ।
ਪਾਣੀ ਦੀ ਆਮਦ ਵਧਣ ਕਾਰਨ ਸਬੰਧਤ ਵਿਭਾਗਾਂ ਵੱਲੋਂ ਡੈਮਾਂ ਦੀ ਸਥਿਤੀ ਅਤੇ ਪਾਣੀ ਦੇ ਪੱਧਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਵੀ ਸੰਭਾਵਿਤ ਮੀਂਹ ਅਤੇ ਪਾਣੀ ਦੇ ਵਧਦੇ ਪੱਧਰ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।



