- ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਪੰਜਾਬ ਸਰਕਾਰ ਕੇ.ਏ.ਪੀ ਸਿਨਹਾ ਨੇ ਫਰੀਡਮ ਫਾਈਟਰ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਵਿਚਾਰਿਆ
- ਮੁੱਖ ਮੰਤਰੀ ਦੀ ਪ੍ਰਵਾਨਗੀ ਉਪਰੰਤ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿਵਾਇਆ :- ਧਾਲੀਵਾਲ
ਚੰਡੀਗੜ੍ਹ 12 ਅਗਸਤ (ਦੇਸ਼ ਕਲਿੱਕ ਬਿਊਰੋ) : ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਮੰਗ ਤੇ ਸਿਵਲ ਸਕੱਤਰੇਤ ਵਿਖੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਦੀ ਅਗਵਾਈ ਹੇਠ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਮੁੱਖ ਵਿਸ਼ੇਸ਼ ਸਕੱਤਰ ਰਾਜ਼ੀ ਪੀ ਸ਼੍ਰੀਵਾਸਤਵ, ਪੀ ਸੀ ਐਸ ਰਾਜਪਾਲ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਉਚ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਨਜਰ ਅੰਦਾਜ ਕੀਤੀਆਂ ਜਾ ਰਹੀਆਂ ਸਨਮਾਨ ਸਹੂਲਤਾਂ ਨੂੰ ਲਾਗੂ ਕਰਨ ਦੀ ਜ਼ੋਰਦਾਰ ਮੰਗ ਜਥੇਬੰਦੀ ਵੱਲੋਂ ਕੀਤੀ ਗਈ ਹੈ।
ਮੀਟਿੰਗ ਵਿੱਚ ਉਚੇਰੀ ਸਿੱਖਿਆ, ਬਿਜਲੀ ਵਿਭਾਗ, ਵਿੱਤ ਵਿਭਾਗ, ਟਰਾਂਸਪੋਰਟ ਵਿਭਾਗ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਮੰਗਾਂ ਨੂੰ ਹੱਲ ਕਰਨ ਲਈ ਕਿਹਾ ਗਿਆ।ਜਥੇਬੰਦੀ ਦੇ ਵਫ਼ਦ ਵਿੱਚ ਸ਼ਾਮਲ ਆਗੂਆਂ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਮਨਜੀਤ ਸਿੰਘ ਵਿਰਕ, ਕਮਲਦੀਪ ਸਿੰਘ ਗਿੱਲ ਅਤੇ ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ ਨੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੀ ਚੋਥੀ ਪੀੜ੍ਹੀ ਨੂੰ ਕਾਨੂੰਨੀ ਵਾਰਿਸਾਂ ਵਿੱਚ ਸ਼ਾਮਲ ਕਰਨ, ਬੇਰੋਜ਼ਗਾਰ ਵਿਆਹੇ ਪੁੱਤਰ ਪੁੱਤਰੀ ਨੂੰ ਪੈਨਸ਼ਨ ਸਕੀਮ ਵਿੱਚ ਸ਼ਾਮਲ ਕਰਨ, ਬਿਜਲੀ ਸਹੂਲਤ ਸਨਮਾਨ ਵਜੋਂ ਦੇਣ, ਸਕੂਲਾਂ ਦੇ ਨਾਂਮ ਰੱਖਣ ਦੀ ਪ੍ਰਕਿਰਿਆ ਨੂੰ ਸਰਲ ਕਰਨ, ਸਾਰੇ ਮਹਿਕਮਿਆਂ ਵਿਚ ਮਾਣ ਸਨਮਾਨ ਨੂੰ ਯਕੀਨੀ ਬਣਾਉਣ ਦੀ ਮੰਗ ਸਬੰਧੀ ਜਾਣੂ ਕਰਵਾਇਆ ਗਿਆ।
ਜਥੇਬੰਦੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਇਕ ਵੀ ਮੀਟਿੰਗ ਨਹੀਂ ਕੀਤੀ ਗਈ। ਸੂਬਾ ਆਗੂਆਂ ਨੇ ਮੁੱਖ ਸਕੱਤਰ ਦੇ ਧਿਆਨ ਹੇਠ ਲਿਆਉਂਦੇ ਹੋਏ ਮੰਗ ਕੀਤੀ ਕਿ 15 ਅਗਸਤ ਤੋਂ ਪਹਿਲਾਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।
ਮੁੱਖ ਸਕੱਤਰ ਨੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਵਾਨਗੀ ਉਪਰੰਤ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਵਲੋਂ ਮੀਟਿੰਗ ਵਿੱਚ ਸ਼ਾਮਲ ਸਾਰੇ ਵਿਭਾਗਾਂ ਅਤੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਣ ਸਨਮਾਨ ਨੂੰ ਯਕੀਨੀ ਬਣਾਉਣ ਤੇ ਜ਼ੋਰ ਦਿੱਤਾ ਗਿਆ। ਸੂਬਾ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ 15 ਅਗਸਤ ਦੇ ਸਮਾਗਮਾਂ ਵਿੱਚ ਸਮੂਲੀਅਤ ਕਰ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ।



